ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਦੁਨੀਆਂ ਭਰ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਜਾਂਦਾ ਹੈ, ਪਰ ਇਸ ਵਾਰ 27 ਦਸੰਬਰ ਨੂੰ ਕਿਉਂ? ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਅਸਲ ਤਾਰੀਖ਼ 22 ਦਸੰਬਰ 1666 ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਦੀ ਵਿਲੱਖਣ ਮਿਸਾਲ ਹੈ | ਜਦੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਦੇ ਦਿਨ ਆਉਂਦੇ ਹਨ ਤੇ ਸਾਰੀ ਕੌਮ ਨਿਮਰਤਾ ਤੇ ਸ਼ਰਧਾ ਭਾਵ ਨਾਲ ਉਨ੍ਹਾਂ ਦਿਨਾਂ ਮੌਕੇ ਸ਼ਹੀਦੀ ਜੋੜ ਮੇਲੇ ਵਿਚ ਹਾਜ਼ਰੀ ਭਰਦੀ ਹੈ ਤੇ ਹਰ ਕੋਨੇ ਵਿਚ ਸਮਾਗਮ ਕਰਵਾਏ ਜਾਂਦੇ ਹਨ | 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਹੈ, ਉਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ | ਇਸ ਕਰਕੇ ਦੁਨੀਆਂ ਦੇ ਹਰ ਕੋਨੇ ਵਿਚ ਬੈਠਾ ਸਿੱਖ ਦੁਬਿਧਾ ਵਿਚ ਹੈ ਕਿ ਉਸ ਦਿਨ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦਾ ਸਮਾਗਮ ਕੀਤਾ ਜਾਵੇ ਜਾਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਫ਼ੈਸਲਾ ਲੈਣਾ ਚਾਹੀਦਾ ਹੈ | ਉਹ ਪਹਿਲ ਕਰਦੇ ਹੋਏ ਇਸ ਸੰਬੰਧੀ ਰਾਇ ਮਸ਼ਵਰਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਇਕੱਤਰਤਾ ਕਰਕੇ ਕੌਮ ਲਈ ਇਹ ਦੁਬਿਧਾ ਨੂੰ ਖ਼ਤਮ ਕਰਨ ਦਾ ਆਦੇਸ਼ ਕੀਤਾ ਜਾਵੇ |