ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ ਝਬਾਲ ਤੋਂ ਅਮਰਬੀਰ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਪੱਕਾ ਕਿਲਾ ਝਬਾਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤਤ ਗਸ਼ਤ ਦੌਰਾਨ ਜਗਦੀਸ਼ ਸਿੰਘ ਪਪੁੱਤਰ ਮਨਜੀਤ ਸਿੰਘ ਵਾਸੀ ਗਲੀ ਖੱਡੀਆ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਸਮਸ਼ੇਰ ਸਿੰਘ ਪੁੱਤਰ ਜਸਵਿੰਦਰ ਸਿੰਘ, ਲਾਭਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਆਨ ਫਤਿਆਬਾਦ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਪੰਨੀਆਂ, 2 ਲਾਈਟਰ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਖੇਮਕਰਨ ਨਜ਼ਦੀਕ ਤੋਂ ਸੂਰਜਪਾਲ ਸਿੰਘ ਪੁੱਤਰ ਰਾਜਪਾਲ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ 17 ਮਿਲੀਗ੍ਰਾਮ ਹੈਰੋਇਨ ਅਤੇ 2110 ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਪੂਹਲਾ ਗੇਟ ਤੋਂ ਅਰਸ਼ਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਚੇਲਾ ਕਾਲੋਨੀ ਭਿੱਖੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ ਸਵਾ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਬੂਹ ਹਵੇਲੀਆ ਹਰੀਕੇ ਵਿਖ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਦਇਆ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਕਿਰਤੋਵਾਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੇਪਰ ਦੀ ਬਣਾਈ ਪੰਨੀ, ਲਾਇਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |