ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਅਤੇ ਵਿਧਾਇਕ ਦੀ ਟਿਕਟ ਲਈ ਕਾਂਗਰਸ ਹਾਈਕਮਾਂਡ 'ਤੇ 5-5 ਕਰੋੜ ਰੁਪਏ ਵਸੂਲਣ ਸਬੰਧੀ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਪੰਜਾਬ ਡਾ. ਨਵਜੋਤ ਕੌਰ ਸਿੱਧੂ ਵਲੋਂ ਲਗਾਏ ਇਲਜ਼ਾਮਾਂ ਤੋਂ ਬਾਅਦ ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਭੰਗ ਕਰਨ ਕਰਕੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ, ਉੱਥੇ ਹੀ ਅੱਜ ਕਾਂਗਰਸ ਹਾਈਕਮਾਂਡ 'ਤੇ ਝੂਠੇ ਇਲਜ਼ਾਮ ਲਗਾ ਕੇ ਪਾਰਟੀ ਦੀ ਬਦਨਾਮੀ ਕਰਨ ਦਾ ਕਰੜਾ ਨੋਟਿਸ ਲੈਂਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਮੈਡਮ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ 7 ਦਿਨਾਂ ਦੇ ਅੰਦਰ ਅੰਦਰ ਲਗਾਏ ਗਏ ਇਲਜ਼ਾਮ ਸਬੰਧੀ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਦਿਨੀ ਡਾ. ਨਵਜੋਤ ਕੌਰ ਸਿੱਧੂ ਵਲੋਂ ਇਕ ਨਿੱਜੀ ਚੈਨਲ ਉੱਪਰ ਦਿੱਤੀ ਇੰਟਰਵਿਊ ਦੌਰਾਨ ਕਾਂਗਰਸ ਹਾਈ ਕਮਾਂਡ ਉੱਤੇ ਬਹੁਤ ਹੀ ਗੰਭੀਰ ਦੋਸ਼ ਲਗਾਏ ਗਏ ਹਨ, ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਕੁਰਸੀ ਲਈ ਜਿੱਥੇ 500 ਕਰੋੜ ਰੁਪਏ ਹਾਈਕਮਾਂਡ ਨੂੰ ਦੇਣੇ ਪੈਂਦੇ ਹਨ, ਉਥੇ ਵਿਧਾਇਕ ਦੀ ਟਿਕਟ ਲਈ ਪੰਜ-ਪੰਜ ਕਰੋੜ ਰੁਪਏ ਵਸੂਲੇ ਜਾਂਦੇ ਹਨ | ਡਾਕਟਰ ਸਿੱਧੂ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਨੂੰ ਟਿਕਟ ਦੇਣ ਬਦਲੇ ਵੀ ਪਾਰਟੀ ਦੇ ਸੀਨੀਅਰ ਨੇਤਾਵਾਂ ਉੱਤੇ ਕਰੋੜਾਂ ਰੁਪਏ ਵਸੂਲਣ ਦੇ ਦੋਸ਼ ਲਗਾਏ ਹਨ, ਜੋ ਕਿ ਬਿਲਕੁਲ ਝੂਠੇ ਅਤੇ ਬੇਬੁਨਿਆਦ ਹਨ, ਜਿਸ ਕਰਕੇ ਉਨ੍ਹਾਂ ਵਲੋਂ ਆਪਣੇ ਵਕੀਲ ਗੁਰਸੇਵਕ ਸਿੰਘ ਛੀਨਾ ਰਾਹੀਂ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ |