ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬੱਚੀ ਦੀ ਮਾਂ ਹਰਮੀਤ ਕੌਰ ਵਾਸੀ ਐਮ.ਆਈ.ਜੀ. ਕਾਲੋਨੀ ਜਮਾਲਪੁਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਚਿੜੀ ਉਰਫ ਦੀਪੂ ਪ੍ਰੀਤ ਸੱਪੂ ਅਤੇ ਉਨ੍ਹਾਂ ਦੇ ਪੰਜ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਘਰ ਵਿਚ ਕੰਮ ਕਰ ਰਹੀ ਸੀ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਦੇ ਕੱਪੜੇ ਪਾੜ ਦਿੱਤੇ | ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਉਸ ਦੀ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ | ਰੌਲਾ ਪਾਉਣ 'ਤੇ ਲੋਕ ਇਕੱਠੇ ਹੋ ਗਏ, ਜਿਸ 'ਤੇ ਇਹ ਫ਼ਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਲੜਾਈ ਵਿਵਾਦ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ |