ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ, ਲੁਧਿਆਣਾ ਨੂੰ ਜੇ.ਐਮ.ਡੀ. ਮਾਲ/ਗੋਵਰਧਨ ਸਿਟੀ ਸੈਂਟਰ 'ਤੇ ਅਣਅਧਿਕਾਰਤ ਉਸਾਰੀ ਦੇ ਦੋਸ਼ਾਂ ਵਾਲੇ ਕਾਨੂੰਨੀ ਨੋਟਿਸ ਦਾ 30 ਦਿਨਾਂ ਦੇ ਅੰਦਰ ਫ਼ੈਸਲਾ ਕਰਨ ਦਾ ਨਿਰਦੇਸ਼ ਦਿੱਤਾ ਹੈ | ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਇਕ ਸਮਾਜਿਕ ਕਾਰਕੁਨ ਕਿਮਤੀ ਰਾਵਲ ਦੁਆਰਾ ਦਾਇਰ ਜਨਹਿਤ ਪਟੀਸ਼ਨ (ਪੀ.ਆਈ.ਐਲ.) ਦਾ ਨਿਪਟਾਰਾ ਕਰਦੇ ਹੋਏ ਇਹ ਹੁਕਮ ਪਾਸ ਕੀਤਾ | ਪਟੀਸ਼ਨਰ ਨੇ ਕਥਿਤ ਗੈਰ-ਕਾਨੂੰਨੀ ਢਾਂਚੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ 11 ਜੂਨ, 2025 ਨੂੰ ਅਧਿਕਾਰੀਆਂ ਨੂੰ ਭੇਜੇ ਗਏ ਕਾਨੂੰਨੀ ਨੋਟਿਸ ਦਾ ਜਵਾਬ ਨਹੀਂ ਦਿੱਤਾ ਗਿਆ ਹੈ | ਸੁਣਵਾਈ ਦੌਰਾਨ ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਜੇਕਰ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਬਕਾਇਆ ਨੋਟਿਸ 'ਤੇ ਵਿਚਾਰ ਕਰਨ ਅਤੇ ਫ਼ੈਸਲਾ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ ਤਾਂ ਪਟੀਸ਼ਨਰ ਸੰਤੁਸ਼ਟ ਹੋਵੇਗਾ | ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਵਿਪਿਨ ਪਾਲ ਯਾਦਵ ਅਤੇ ਨਗਰ ਨਿਗਮ ਦੇ ਵਕੀਲ ਅਜੈ ਜੈਨ (ਵੀਡੀਓ ਕਾਨਫਰੰਸਿੰਗ ਰਾਹੀਂ) ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਨੋਟਿਸ ਦੀ ਜਾਂਚ ਸਮਰੱਥ ਅਧਿਕਾਰੀ ਦੁਆਰਾ ਕਾਨੂੰਨ ਅਨੁਸਾਰ ਕੀਤੀ ਜਾਵੇਗੀ | ਬੇਨਤੀ ਦਾ ਨੋਟਿਸ ਲੈਂਦੇ ਹੋਏ ਬੈਂਚ ਨੇ ਨਗਰ ਨਿਗਮ ਨੂੰ ਅਦਾਲਤ ਦੇ ਹੁਕਮ ਦੀ ਕਾਪੀ ਪ੍ਰਾਪਤ ਹੋਣ ਦੇ 30 ਦਿਨਾਂ ਦੇ ਅੰਦਰ ਕਾਨੂੰਨੀ ਨੋਟਿਸ ਦਾ ਨਿਪਟਾਰਾ ਕਰਨ ਦਾ ਹੁਕਮ ਪਾਸ ਕਰਨ ਦਾ ਨਿਰਦੇਸ਼ ਦਿੱਤਾ |