ਪੰਚਕੂਲਾ, 30 ਅਗਸਤ (ਕਪਿਲ)-ਬਿਹਾਰ 'ਚ ਚੋਣ ਰੈਲੀ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾ ਦੇਵੀ ਦੇ ਖ਼ਿਲਾਫ਼ ਅੱਪਸ਼ਬਦ ਬੋਲਣ ਨੂੰ ਲੈ ਕੇ ਅੱਚ ਪੰਚਕੂਲਾ ਵਿਖੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਭਾਜਪਾ ਵਰਕਰਾਂ ਵਲੋਂ ਪੰਚਕੂਲਾ ਤੋਂ ਕਾਂਗਰਸੀ ਵਿਧਾਇਕ ਚੰਦਰ ਮੋਹਨ ਦੀ ਰਿਹਾਇਸ਼ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਭਾਜਪਾ ਦੀ ਸੂਬਾ ਉਪ ਪ੍ਰਧਾਨ ਬੰਤੋ ਕਟਾਰੀਆ, ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ, ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਮਿੱਤਲ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਮਿੱਤਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਹਾਰ 'ਚ ਚੋਣਾਂ ਦੇ ਦੌਰਾਨ ਰਾਹੁਲ ਗਾਂਧੀ ਦੀ ਰੈਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਨੂੰ ਲੈ ਕੇ ਅੱਪਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਦੇ ਚਲਦਿਆਂ ਭਾਜਪਾ ਦੇ ਆਗੂਆਂ ਤੇ ਵਰਕਰਾਂ 'ਚ ਰੋਸ ਦੀ ਲਹਿਰ ਦੌੜ ਗਈ ਹੈ ਅਤੇ ਸਾਰਿਆਂ ਵਲੋਂ ਇਸ ਦੀ ਨਿਖੇਧੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਰੇ ਜ਼ਿਲਿ੍ਹਆਂ 'ਚ ਭਾਜਪਾ ਵਲੋਂ ਕਾਂਗਰਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਪੁਤਲੇ ਫੂਕੇ ਜਾਣਗੇ | ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸ਼ਰਮ ਆਉਣੀ ਚਾਹੀਦੀ ਹੈ ਅਤੇ ਡੁੱਬ ਕੇ ਮਰ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਾਂ ਸਭ ਦੀ ਹੁੰਦੀ ਹੈ ਤੇ ਇਸ ਨੂੰ ਰੱਬ ਦਾ ਦੂਜਾ ਰੂਪ ਕਿਹਾ ਜਾਂਦਾ ਹੈ, ਲਿਹਾਜ਼ਾ ਰੱਬ ਦੇ ਖ਼ਿਲਾਫ਼ ਗ਼ਲਤ ਟਿੱਪਣੀ ਕਰਨਾ ਕਿਸੇ ਆਗੂ ਨੂੰ ਸ਼ੋਭਾ ਨਹੀਂ ਦਿੰਦਾ |