ਪੰਚਕੂਲਾ, 3 ਦਸੰਬਰ (ਕਪਿਲ)-ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵਲੋਂ ਸਥਾਨਕ ਸੈਕਟਰ-5 ਸਥਿਤ ਸਿੱਖਿਆ ਭਵਨ ਵਿਖੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮੁੱਖ ਤੌਰ 'ਤੇ ਟਰਾਂਸਫਰ ਨੀਤੀ, ਬਕਾਇਆ ਬਿੱਲਾਂ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਸਮੇਤ ਹੋਰਨਾਂ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਮੀਟਿੰਗ 'ਚ 18 ਮੁੱਦਿਆਂ 'ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਵਲੋਂ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਬਾਬਤ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਟਰਾਂਸਫਰ ਨੀਤੀ 'ਤੇ ਵੀ ਤਫ਼ਸੀਲੀ ਨਾਲ ਗੱਲਬਾਤ ਹੋਈ ਹੈ ਅਤੇ ਅਗਲੇ ਦੋ ਦਿਨਾਂ 'ਚ ਇਸ ਦਾ ਸ਼ਡਿਊਲ ਜਾਰੀ ਕਰਨਾ ਫ਼ੈਸਲਾ ਲਿਆ ਗਿਆ | ਉਨ੍ਹਾਂ ਕਿਹਾ ਕਿ 1 ਅਪ੍ਰੈਲ ਨੂੰ ਸਾਰੇ ਅਧਿਆਪਕ ਆਪਣੇ ਨਵੇਂ ਸਟੇਸ਼ਨਾਂ 'ਤੇ ਜੁਆਇੰਨ ਕਰਨਗੇ | ਉਨ੍ਹਾਂ ਕਿਹਾ ਕਿ ਬਦਲੀ ਵਾਲੇ ਸਾਰੇ ਅਧਿਆਪਕਾਂ ਤੱਕ ਮੈਸੇਜ਼ ਪੁੱਜਦਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵਿਭਾਗ ਪੂਰੇ ਸਿਸਟਮ ਨਾਲ ਇਸ ਕੰਮ 'ਚ ਲੱਗਾ ਹੋਇਆ ਹੈ ਤਾਂ ਜੋ ਸਾਡੇ ਅਧਿਆਪਕ ਪ੍ਰੇਸ਼ਾਨ ਨਾ ਹੋਣ ਅਤੇ ਉਨ੍ਹਾਂ ਦੀਆਂ ਜ਼ਰੂਰੀ ਮੰਗਾਂ ਵੀ ਪੂਰੀਆਂ ਹੋ ਸਕਣ | ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਡਿਜ਼ੀਟਲ ਸਮਾਰਟ ਕਲਾਸਰੂਮਾਂ, ਮੈਡੀਕਲ ਬਿੱਲਾਂ ਦੇ ਭੁਗਤਾਨ ਤੇ ਹਰਿਆਣਾ ਦੇ ਕੁਝ ਸਕੂਲਾਂ ਦੀਆਂ ਇਮਾਰਤਾਂ ਦੀ ਖਸਤਾ ਹਾਲਤ ਬਾਰੇ ਵੀ ਚਰਚਾ ਕੀਤੀ ਗਈ | ਹਰਿਆਣਾ ਦੇ ਫਤਿਹਾਬਾਦ ਵਿਖੇ ਇਕ ਪ੍ਰਾਈਵੇਟ ਸਕੂਲ 'ਚ ਇਕ ਬੱਚੀ ਨਾਲ ਕੁੱਟਮਾਰ ਹੋਣ ਦੇ ਮਾਮਲੇ 'ਤੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਸ ਦੀ ਰਿਪੋਰਟ ਮੰਗਵਾਈ ਜਾਵੇਗੀ ਅਤੇ ਜੇਕਰ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਈ ਤਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਹਰਿਆਣਾ ਦੇ ਪ੍ਰਾਈਵੇਟ ਸਕੂਲਾਂ ਦੀਆਂ ਕਈ ਬੱਸਾਂ ਦੇ ਅਣਫਿੱਟ ਪਾਏ ਜਾਣੇ 'ਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੂੰ ਸਾਰੇ ਸਥਾਨਾਂ 'ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਇਸ ਕੰਮ 'ਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਧਰੇ ਕੋਈ ਖਾਮੀ ਸਾਹਮਣੇ ਆਈ ਤਾਂ ਉਸ ਨੂੰ ਦੂਰ ਕਰਵਾਇਆ ਜਾਵੇਗਾ ਤਾਂ ਜੋ ਬੱਚੇ ਸੁਰੱਖਿਅਤ ਰਹਿਣ |