ਕੀਰਤਪੁਰ ਸਾਹਿਬ, 8 ਦਸੰਬਰ (ਬੀਰ ਅੰਮਿ੍ਤ ਪਾਲ ਸਿੰਘ ਸੰਨੀ)-ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਪੁਰਬ 10 ਦਸੰਬਰ ਨੂੰ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਜ਼ਿਕਰਯੋਗ ਹੈ ਕਿ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ, ਗੁਰਦੁਆਰਾ ਸਾਹਿਬ ਜੀ ਦੇ ਬਾਹਰ ਆਰਜ਼ੀ ਦੁਕਾਨਦਾਰਾਂ ਦੇ ਸਹਿਯੋਗ ਨਾਲ ਇਹ ਪਵਿੱਤਰ ਦਿਹਾੜਾ ਮਨਾਇਆ ਜਾਂਦਾ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੈਨੇਜਰ ਸੁਖਬੀਰ ਸਿੰਘ ਨੇ ਦੱਸਿਆ ਕਿ 10 ਦਸੰਬਰ ਨੂੰ ਸਵੇਰੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਦੇ ਬਾਹਰ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ 'ਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ | ਸਮਾਗਮ 'ਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ ਸਮੇਤ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ |