ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਅੱਜ ਤਹਿਸੀਲ਼ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਚੌਥੇ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਬਲਾਕ ਸੰਮਤੀ ਲਈ ਅੱਜ ਚੋਣ ਅਧਿਕਾਰੀ ਕਮ ਤਹਿਸੀਲਦਾਰ ਮੈਡਮ ਰੌਬਿਨਜੀਤ ਕੌਰ, ਕੋਲ ਬਲਾਕ ਸੰਮਤੀ ਬਲਾਕ ਰਈਆ ਨਾਲ ਸਬੰਧਿਤ 25 ਜ਼ੋਨਾਂ ਲਈ ਵੱਖ ਵੱਖ ਪਾਰਟੀਆਂ ਵਲੋਂ ਕੁਲ 129 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਕਮ ਤਹਿਸੀਲਦਾਰ ਮੈਡਮ ਰੌਬਿਨਜੀਤ ਕੌਰ ਨੇ ਦੱਸਿਆ ਹੈ ਕਿ ਭਲਕੇ 5 ਦਸੰਬਰ ਨੂੰ ਇਨ੍ਹਾਂ ਪ੍ਰਾਪਤ ਹੋਏ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ਹੋਵੇਗੀ ਅਤੇ 6 ਦਸੰਬਰ ਨੂੰ ਚੋਣ ਨਾ ਲੜਣ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲੈ ਸਕਣਗੇ ਅਤੇ ਉਸੇ ਦਿਨ ਬਾਕੀ ਚੋਣ ਮੈਦਾਨ ਵਿਚ ਰਹਿ ਗਏ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਦੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵਧੀਕ ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਸੁਰਿੰਦਰ ਸਿੰਘ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ | ਅੱਜ ਸੱਤਧਾਰੀ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਵਿਚ ਕਾਗਜ਼ ਭਰਨ ਲਈ ਉਤਸ਼ਾਹ ਵੇਖਿਆ ਗਿਆ |