ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨੌਵੇਂ ਪਾਤਿਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਤੜਕੇ ਕਵਾੜ੍ਹ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਦੌਰਾਨ ਗੁਰੂ ਸਾਹਿਬ ਦੇ ਦਰਬਾਰ ਵਿਖੇ ਸੰਗਤ ਵੱਡੀ ਗਿਣਤੀ ਵਿਚ ਨਤਮਸਤਕ ਹੋਈ | ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਮੋਮਬਤੀਆਂ ਜਗਾ ਕੇ ਜਿੱਥੇ ਗੁਰੂ ਸਾਹਿਬ ਪ੍ਰਤੀ ਆਪਣਾ ਆਸਥਾ ਦਾ ਪ੍ਰਗਟਾਵਾ ਕੀਤਾ ਗਿਆ, ਉੱਥੇ ਹੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਵੀ ਸੰਗਤਾਂ ਵਿਚ ਖਿੱਚ ਦਾ ਕੇਂਦਰ ਬਣੀ ਰਹੀ | ਗੁਰੂ ਦਰਬਾਰ ਵਿਚ ਕੀਤੀ ਗਈ ਫੁੱਲਾਂ ਦੀ ਸਜਾਵਟ ਨੇ ਅਲੌਕਿਕ ਰੰਗ ਪ੍ਰਦਾਨ ਕੀਤਾ | ਗੁਰੂ ਘਰ ਵਿਚ ਪੁੱਜੀ ਸੰਗਤਾਂ ਨੇ ਆਤਿਸ਼ਬਾਜ਼ੀ ਕਰਕੇ ਆਪਣਾ ਗੁਰੂ ਪ੍ਰਤੀ ਆਸਥਾ ਦਾ ਪ੍ਰਗਟਾਵਾ ਕੀਤਾ | ਸੰਗਤਾਂ ਨੇ ਪੰਗਤ ਅਤੇ ਸੰਗਤ ਕਰਦਿਆਂ ਦੀਵਾਨ ਹਾਲ ਵਿਖੇ ਸੰਗਤਾਂ ਨੇ ਖ਼ੁਦ ਨੂੰ ਨਾਮ ਸਿਮਰਨ ਨਾਲ ਜੋੜਨ ਦਾ ਉਪਰਾਲਾ ਕੀਤਾ | ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ | ਦੀਵਾਨ ਹਾਲ ਵਿਚ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਪੱਖ ਤੋਂ ਦੱਸਿਆ ਕਿ ਕਿਸ ਤਰ੍ਹਾਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹ ਨੇ ਏਸ ਦਿਨ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਇਆ | ਗੁਰੂ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪੁੱਜੇ, ਜਿਨ੍ਹਾਂ ਦੇ ਰਿਹਾਅ ਹੋਣ ਆਉਣ ਦੀ ਖ਼ੁਸ਼ੀ ਵਿਚ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਅਤੇ ਸੰਗਤਾਂ ਨੇ ਗੁਰੂ ਘਰ ਵਿਖੇ ਦੀਪਮਾਲਾ ਕਰਵਾਈ ਅਤੇ ਇਸ ਕਰਕੇ ਇਸ ਦਿਨ ਨੂੰ ਬੰਦੀ ਛੋੜ ਦਿਵਸ ਕਰਕੇ ਮਨਾਇਆ ਜਾਂਦਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨ ਵੀ ਦਿੱਤਾ ਗਿਆ | ਦੀਵਾਨ ਹਾਲ ਵਿਖੇ ਕਰਵਾਏ ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਭਲਕੇ ਪੈਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਗੁਰਬਚਨ ਸਿੰਘ, ਮਨਦੀਪ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਰਿਕਾਰਡ ਕੀਪਰ ਸਰਬਜੀਤ ਸਿੰਘ, ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ, ਸਾਬਕਾ ਮੈਨੇਜਰ ਸੁਖਵਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਸਟਾਫ਼ ਅਤੇ ਸੰਗਤਾਂ ਵੀ ਹਾਜ਼ਰ ਸਨ |