ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹ ਖੇੜੀ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਮਹਾਨ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਸਟਾਫ਼ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਮਹਾਨ ਕੁਰਬਾਨੀ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਸੰਦੇਸ਼ ਨੂੰ ਦਰਸਾਉਂਦੀਆਂ ਅਲੱਗ-ਅਲੱਗ ਗਤੀਵਿਧੀਆਂ ਪੇਸ਼ ਕੀਤੀਆਂ | ਵਿਦਿਆਰਥੀਆਂ ਨੇ ਗੁਰੂ ਜੀ ਦੀ ਮਹਾਨਤਾ ਤੇ ਸ਼ਹੀਦੀ ਨਾਲ ਸੰਬੰਧਤ ਕਵਿਤਾਵਾਂ ਅਤੇ ਰਸਭਿੰਨੇ ਸ਼ਬਦ ਗਾਇਨ ਕੀਤੇ | ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ, ਉਨ੍ਹਾਂ ਦੀ ਸਹਿਣਸ਼ੀਲਤਾ ਅਤੇ 'ਹਿੰਦ ਦੀ ਚਾਦਰ' ਵਜੋਂ ਉਨ੍ਹਾਂ ਦੇ ਰੋਲ 'ਤੇ ਪ੍ਰੇਰਣਾਦਾਇਕ ਭਾਸ਼ਣ ਦਿੱਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੀ ਸ਼ਹੀਦੀ ਤੋਂ ਸਦਾਚਾਰ, ਧਰਮ ਦੀ ਰਾਖੀ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਲੈਣੀ ਚਾਹੀਦੀ ਹੈ | ਸਕੂਲ ਦੀ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨਾ ਹੈ, ਤਾਂ ਜੋ ਉਹ ਇਕ ਚੰਗੇ ਨਾਗਰਿਕ ਬਣ ਸਕਣ | ਸਕੂਲ ਦੀ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਮਾਗਮ ਦੇ ਸਫਲ ਹੋਣ ਲਈ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਡੇ ਲਈ ਚਾਨਣ ਮੁਨਾਰਾ ਹਨ |