ਜੈਤੋ, 4 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਅੱਜ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵਲੋਂ ਪੰਜਾਬ ਭਰ 'ਚ ਦਫ਼ਤਰਾਂ ਵਿਚ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਲਮ ਛੋੜ ਹੜਤਾਲ ਕਰਕੇ ਰੋਸ ਪ੍ਰਗਟਾਵਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਤਾਂ ਕਲਮ ਛੋੜ ਹੜਤਾਲ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਤਕਰੀਬਨ 900 ਦੇ ਕਰੀਬ ਆਪ੍ਰੇਟਰ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਇਕ ਪ੍ਰਾਈਵੇਟ ਕੰਪਨੀ ਸੀ.ਐਮ.ਸੀ.ਰਾਹੀਂ ਭਰਤੀ ਕੀਤੇ ਗਏ ਸਨ | ਜਿਸਨੂੰ ਸ਼ੁਰੂਆਤ ਵਿਚ 2270 ਰੁਪਏ ਮਾਸਿਕ ਤਨਖਾਹ ਦਿੱਤੀ ਤੇ ਹੁਣ 8500 ਤੋਂ ਲੈ ਕੇ 9000 ਤੱਕ ਮਾਸਿਕ ਤਨਖਾਹ 'ਤੇ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੱਡੇ ਕੋਆਪ੍ਰੇਟਿਵ ਘਰਾਣੀਆਂ ਨਾਲ ਮਿਲਕੇ ਸੀ.ਐਮ.ਐਸ. ਕੰਪਨੀ ਰਾਹੀਂ ਨਿਗੂਣੀਆਂ ਤਨਖਾਹਾਂ ਦੇ ਕੇ ਸਾਡਾ ਆਰਥਿਕ ਢਾਂਚਾ ਕਾਫ਼ੀ ਕੰਮਜ਼ੋਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਹਾ ਕਿ ਸੀ ਕਿ ਉਹ ਸੱਤਾ 'ਚ ਆਉਣ 'ਤੇ ਵੱਖ ਵੱਖ ਵਿਭਾਗਾਂ, ਕੋਆਪ੍ਰੇਟਿਵ ਸੁਸਾਇਟੀਆਂ ਜਾਂ ਆਉਟ ਸੋਰਸ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਉਨ੍ਹਾਂ ਵਿਭਾਗਾਂ 'ਚ ਭਰਤੀ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕੀਤਾ ਜਾਵੇਗਾ, ਪਰ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਹੁਣ ਤੱਕ ਸਾਡੀ ਕੋਈ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੇ ਬਣਦੇ ਹੱਕ ਨਾ ਦਿੱਤੇ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਦੀ ਨਵੀ ਰੂਪ ਰੇਖਾ ਤਿਆਰ ਕਰਕੇ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ |