ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਭਲਾਈ ਕੌਂਸਲ ਪੰਜਾਬ ਅਤੇ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਜ਼ਿਲ੍ਹਾ ਰੈੱਡ ਕਰਾਸ ਵਿਖੇ 8 ਦਸੰਬਰ ਨੂੰ ਕਰਵਾਏ ਜਾ ਰਹੇ ਹਨ | ਇਸ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਉਣ ਤੇ ਆਪਣੇ ਇਤਿਹਾਸ ਨੂੰ ਯਾਦ ਰੱਖਣ ਦੇ ਉਦੇਸ਼ ਨਾਲ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਸਕੂਲਾਂ ਨੂੰ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਇਨ੍ਹਾਂ ਮੁਕਬਾਲਿਆਂ ਲਈ ਚੁਣਿਆ ਗਿਆ ਹੈ ਅਤੇ ਜ਼ਿਲ੍ਹੇ ਵਿਚੋਂ ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ ਲੁਧਿਆਣਾ ਵਿਖੇ 12 ਦਸੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਵੀਰ ਬਾਲ ਦਿਵਸ ਮੌਕੇ ਹਿੱਸਾ ਲੈਣ ਦਾ ਮੌਕੇ ਮਿਲੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਮੈਰਿਟ ਸਰਟੀਫ਼ਿਕੇਟ ਦਿੱਤੇ ਜਾਣਗੇ ਤੇ ਇਸ ਤੋਂ ਇਲਾਵਾ ਇਨ੍ਹਾਂ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ/ਭਜਨ ਗਾਇਨ, ਸਕਿੱਟ, ਫੈਂਸੀ ਡਰੈੱਸ, ਪੋਸਟਰ ਮੇਕਿੰਗ ਤੇ ਡੈਕਲਾਮੇਸ਼ਨ ਦੇ ਵਿਸ਼ੇ ਹਨ ਅਤੇ ਵੱਖ-ਵੱਖ ਉਮਰ ਵਰਗ ਅਨੁਸਾਰ ਵਿਦਿਆਰਥੀ ਇਨਾਂ ਵਿਚ ਭਾਗ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ ਨੇ ਆਪਣੇ ਬਲਾਕ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ, ਉਹ ਸਕੂਲ 8 ਦਸੰਬਰ ਨੂੰ ਜ਼ਿਲਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਵਿਚ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ |