ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੁਆਵਜ਼ੇ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਇਆ ਅਣਮਿਥੇ ਸਮੇਂ ਦਾ ਧਰਨਾ 17ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ (ਉਗਰਾਹਾਂ) ਦੇ ਫ਼ਰੀਦਕੋਟ ਜ਼ਿਲ੍ਹੇ ਦੇ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਮਲਕੀਤ ਸਿੰਘ ਕੋਟਕਪੂਰਾ, ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ ਸਿੰਘੇਵਾਲਾ, ਹਰਫੂਲ ਸਿੰਘ ਭਾਗਸਰ, ਗੁਰਪਾਲ ਸਿੰਘ ਲੰਬੀ, ਕੁਲਦੀਪ ਸਿੰਘ ਮਲੋਟ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਜੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਕਹਿਣ ਨੂੰ ਲੋਕਾਂ ਦੇ ਮੰਗਾਂ ਮਸਲੇ ਹੱਲ ਕਰਨ ਦਾ ਵਿਖਾਵਾ ਕਰਦੀਆਂ ਹਨ, ਪਰ ਅਮਲੀ ਰੂਪ 'ਚ ਉਹ ਕਾਰਪੋਰੇਟ ਪੱਖੀ ਹਨ | ਇਸੇ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸੜਕਾਂ ਉਪਰ ਰੁਲਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀਆਂ ਮੰਗਾਂ ਲਈ ਪ੍ਰਸ਼ਾਸਨ ਨਾਲ ਹੋਈਆਂ ਕਈ ਬੈਠਕਾਂ ਬੇਸਿੱਟਾਂ ਰਹੀਆਂ ਹਨ | ਇਸ ਲਈ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਕ-ਦੋ ਦਿਨਾਂ ਵਿਚ ਮੰਗਾਂ ਨਾ ਮੰਨੀਆਂ ਗਈਆਂ | ਤਾਂ ਸੁੱਤੀ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਲਈ ਆਉਣ ਵਾਲੇ ਦਿਨਾਂ ਵਿਚ ਸਖ਼ਤ ਐਕਸ਼ਨ ਕੀਤਾ ਜਾਵੇਗਾ | ਇਸ ਮੌਕੇ ਬਿਜਲੀ ਮੁਲਾਜ਼ਮ ਆਗੂ ਅਮਰਜੀਤ ਪਾਲ ਸ਼ਰਮਾ, ਗੁਰਮੀਤ ਸਿੰਘ ਬਿੱਟੂ ਮੱਲਣ, ਅਜਾਇਬ ਸਿੰਘ ਮੱਲਣ, ਸੁਖਰਾਜ ਸਿੰਘ ਰਹੂੜਿਆਂਵਾਲੀ, ਗੁਰਸੇਵਕ ਸਿੰਘ ਲੰਬੀ, ਮਨੋਹਰ ਸਿੰਘ ਸਿੱਖਵਾਲਾ ਅਤੇ ਅਜਾਇਬ ਸਿੰਘ ਮੱਲਣ ਹਾਜ਼ਰ ਸਨ |