ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਪਿੰਡ ਜਲਾਲੇਆਣਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਪੀ ਸਮੇਤ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਦੀ ਅਗਵਾਈ 'ਚ 'ਆਪ' 'ਚ ਸ਼ਾਮਿਲ ਹੋ ਗਏ | ਇਸ ਮੌਕੇ ਪਰਿਵਾਰਾਂ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਇਹ ਪਰਿਵਾਰ 'ਆਪ' ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਸਾਰੇ ਪਰਿਵਾਰਾਂ ਨੂੰ ਪਾਰਟੀ 'ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ 'ਆਪ' ਆਮ ਲੋਕਾਂ ਦੀ ਪਾਰਟੀ ਹੈ ਤੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਚੇਅਰਮੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਸ਼ਾਨਦਾਰ ਢੰਗ ਨਾਲ ਜਿੱਤਣਗੇ | ਨਰੇਸ਼ ਸਿੰਗਲਾ, ਹੈਪੀ ਸਿੰਘ ਦੁਆਰੇਆਣਾ, ਕਸ਼ਮੀਰ ਸਿੰਘ ਆਦਿ ਨੇ ਵੀ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਵਧਾਈ ਦਿੱਤੀ |