22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅਕਾਲੀ ਦਲ ਕੋਰ ਕਮੇਟੀ ਵਲੋਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸਿੱਖ ਮਾਮਲਿਆਂ 'ਚ ਸਰਕਾਰੀ ਦਖ਼ਲਅੰਦਾਜ਼ੀ ਬੰਦ ਕਰਨ ਦੀ ਚਿਤਾਵਨੀ <br/>

ਅਜੀਤ ਡੈਸਕ 25-11-2025
ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਕੇਂਦਰ ਅਤੇ ਵੱਖ–ਵੱਖ ਸੂਬਾ ਸਰਕਾਰਾਂ ਨੂੰ ਸਖ਼ਤ ਲਹਿਜ਼ੇੇ 'ਚ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਤੇ ਸਿੱਖ ਸੰਸਥਾਵਾਂ ਦਾ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਤੁਰੰਤ ਰੋਕੀਆਂ ਜਾਣ | ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਖ਼ਾਸ ਬੈਠਕ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਖ਼ਤ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਸਮੇਤ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ 'ਚ ਦਖ਼ਲ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਕਮਾਨ ਬਦਲਣ ਲਈ ਚਾਲਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ 'ਚ ਵੱਖ ਸੰਸਥਾ ਬਣਾਉਣਾ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਦਾ ਅਦਬ ਨਾ ਕਰਨ ਦੇ ਬਰਾਬਰ ਹੈ | ਕਮੇਟੀ ਵਲੋਂ ਪਾਸ ਪ੍ਰਸਤਾਵ ਵਿਚ ਕਿਹਾ ਗਿਆ ਕਿ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕ ਜ਼ੁਲਮ ਦੇ ਵਿਰੁੱਧ ਅਤੇ ਸਰਕਾਰੀ ਦਖ਼ਲ ਰੋਕਣ ਲਈ ਬੇਮਿਸਾਲ ਸ਼ਹਾਦਤ ਦਿੱਤੀ | ਇਹ ਵਿਰੋਧਾਭਾਸ ਹੈ ਕਿ ਅੱਜ ਕੇਂਦਰ, ਮਹਾਰਾਸ਼ਟਰ, ਬਿਹਾਰ ਅਤੇ ਹਰਿਆਣਾ ਦੀਆਂ ਸਰਕਾਰਾਂ ਉਨ੍ਹਾਂ ਹੀ ਨੀਤੀਆਂ 'ਤੇ ਚੱਲ ਰਹੀਆਂ ਹਨ ਜਿਨ੍ਹਾਂ ਦੇ ਖ਼ਿਲਾਫ਼ ਗੁਰੂ ਸਾਹਿਬ ਨੇ ਆਪਣਾ ਸਿਰ ਕੁਰਬਾਨ ਕੀਤਾ ਸੀ | ਸੁਖਬੀਰ ਨੇ ਕੇਂਦਰ ਵਲੋਂ ਚੰਡੀਗੜ੍ਹ ਨੂੰ ਪੂਰਨ ਤੌਰ 'ਤੇ ਯੂ.ਟੀ. ਬਣਾਉਣ ਦੇ ਕਦਮ, ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰਿਕ ਢਾਂਚੇ ਨੂੰ ਕਮਜ਼ੋਰ ਕਰਨ ਅਤੇ ਬੀ.ਬੀ.ਐਮ.ਬੀ ਵਿਚ ਪੰਜਾਬ ਦੇ ਅਧਿਕਾਰ ਘਟਾਉਣ ਨੂੰ ਸੂਬੇ ਨਾਲ ਵੱਡਾ ਅਨਿਆਂ ਕਰਾਰ ਦਿੱਤਾ | ਉਨ੍ਹਾਂ ਦੁਹਰਾਇਆ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਅਟੱਲ ਹੱਕ ਹੈ, ਸ਼੍ਰੋਮਣੀ ਅਕਾਲੀ ਦਲ ਇਸ ਹੱਕ ਤੋਂ ਇਕ ਇੰਚ ਵੀ ਪਿੱਛੇ ਨਹੀਂ ਹਟੇਗਾ | ਉਨ੍ਹਾਂ ਨੇ ਸਾਰੇ ਪੰਜਾਬੀਆਂ ਅਤੇ ਸਿਆਸੀ ਦਲਾਂ ਨੂੰ ਸੂਬੇ ਦੇ ਹੱਕਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ | ਕੋਰ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਨਿੰਦਣਯੋਗ ਬਿਆਨਬਾਜ਼ੀ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਅਕਾਲੀ ਦਲ ਇਸ ਤਰ੍ਹਾਂ ਦੇ ਅਪਮਾਨਜਨਕ ਰਵੱਈਏ ਨੂੰ ਬਰਦਾਸ਼ਤ ਨਹੀਂ ਕਰੇਗਾ | ਨਾਲ ਹੀ ਕਮੇਟੀ ਨੇ ਤਰਨਤਾਰਨ ਜ਼ਿਮਨੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਸਮਰਥਨ ਦਾ ਸਿਹਰਾ ਸੁਖਬੀਰ ਦੀ ਅਗਵਾਈ ਨੂੰ ਦਿੰਦਿਆਂ ਐਲਾਨ ਕੀਤਾ ਕਿ ਜ਼ਿਲ੍ਹਾ ਪੰਚਾਇਤ ਚੋਣਾਂ ਪਾਰਟੀ ਨਿਸ਼ਾਨ 'ਤੇ ਲੜੀਆਂ ਜਾਣਗੀਆਂ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ-ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਕੰਗਣਾ ਰਣੌਤ ਖ਼ਿਲਾਫ਼ ਚੱਲੇਗਾ ਕੇਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।