ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਮੋਰਚਾ (ਭਾਰਤ) ਚੈਪਟਰ ਪੰਜਾਬ ਵਲੋਂ ਬਿਜਲੀ ਸੋਧ ਬਿੱਲ 2025 ਦਾ ਖਰੜਾ ਰੱਦ ਕਰਾਉਣ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ ਲਵਾਉਣ, ਪੰਜਾਬ ਸਰਕਾਰ ਵਲੋਂ ਜਨਤਕ ਜਾਇਦਾਦਾਂ ਜਬਰੀ ਵੇਚਣ ਦੇ ਵਿਰੋਧ ਸਮੇਤ ਹੋਰ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਦਸੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਤੋਂ 3 ਵਜੇ ਰੇਲਾਂ ਰੋੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਥੇਬੰਦੀਆਂ ਵਲੋਂ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਦੀ ਅਗਵਾਈ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ 19 ਜ਼ਿਲਿ੍ਹਆਂ 'ਚ 26 ਥਾਵਾਂ 'ਤੇ ਦੋ ਘੰਟੇ ਤੱਕ ਰੇਲਾਂ ਦਾ ਪਹੀਆ ਜਾਮ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਨੂੰ ਰੱਦ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵਿਧਾਨ ਸਭਾ 'ਚ ਇਸ ਬਿੱਲ ਖ਼ਿਲਾਫ਼ ਮਤਾ ਪਾਸ ਕਰੇ, ਬਿਜਲੀ ਮਹਿਕਮੇ ਦਾ ਨਿੱਜੀਕਰਨ ਬੰਦ ਅਤੇ ਠੇਕੇਦਾਰੀ ਨੀਤੀ ਨੂੰ ਖਤਮ ਕਰਕੇ ਪੱਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ, ਨਿੱਜੀਕਰਨ ਨੂੰ ਵਧਾਵਾ ਦੇਣ ਦੀ ਨੀਤੀ ਤਹਿਤ ਖਪਤਕਾਰਾਂ ਦੇ ਘਰਾਂ ਅੱਗੇ ਚਿੱਪ ਵਾਲੇ (ਪ੍ਰੀਪੇਡ) ਮੀਟਰ ਜ਼ਬਰਦਸਤੀ ਲਗਾਉਣੇ ਬੰਦ ਕੀਤੇ ਜਾਣ ਅਤੇ ਪਹਿਲਾਂ ਤੋਂ ਚਲਦੇ ਰਵਾਇਤੀ ਮੀਟਰ ਹੀ ਲਾਏ ਜਾਣ |