ਅੰਮਿ੍ਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਪੁਰਬ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਅਪ੍ਰੈਲ 2026 ਵਿਚ ਜਥਾ ਭੇਜਣ ਦੀ ਪ੍ਰਕਿਰਿਆ ਆਰੰਭ ਕਰਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਇਸੇ ਮਹੀਨੇ 25 ਦਸੰਬਰ ਤੱਕ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2026 ਵਿਚ ਖ਼ਾਲਸਾ ਸਾਜਨਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮੁੱਖ ਸਮਾਗਮ 'ਚ ਸ਼ਮੂਲੀਅਤ ਕਰਨ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ | ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ 'ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਅਤੇ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਜਮਾਂ ਕਰਵਾਉਣੀ ਜ਼ਰੂਰੀ ਹੈ |
ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅਜੀਤ ਡੈਸਕ
04-12-2025