ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' (ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਣਾਉਣ ਸੰਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜੋ ਰੁੱਖਾਂ ਦੀ ਸੰਭਾਲ ਲਈ ਸੂਬੇ ਦੀ ਵਿਧਾਨਕ ਵਚਨਬੱਧਤਾ ਨੂੰ ਯਕੀਨੀ ਬਣਾਏਗਾ | ਉਨ੍ਹਾਂ ਕਿਹਾ ਕਿ ਇਸ ਖਰੜੇ ਵਿਚ ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਅਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਹੈ, ਜਿਸ ਨਾਲ ਵਾਤਾਵਰਨ ਦੇ ਨਿਘਾਰ ਨਾਲ ਲੜਨ ਦੀਆਂ ਸੂਬੇ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ | ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਦੇ ਪ੍ਰਸਤਾਵ ਦੀ ਚੰਗੀ ਤਰ੍ਹਾਂ ਸਮੀਖਿਆ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਐਕਟ ਨਾ ਸਿਰਫ਼ ਸ਼ਹਿਰੀ ਹਰਿਆਵਲ ਦੀ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਰਸਮੀ ਬਣਾਉਂਦਾ ਹੈ, ਬਲਕਿ ਜੰਗਲਾਤ ਵਿਭਾਗ ਵਲੋਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਹੈ ਕਿ ਇਸ ਨੂੰ ਲਾਗੂ ਕਰਨ ਨਾਲ ਸੂਬੇ ਦੇ ਖਜ਼ਾਨੇ 'ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ |
'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵਲੋਂ ਮਨਜ਼ੂਰੀ-ਹਰਪਾਲ ਸਿੰਘ ਚੀਮਾ <br/>
ਅਜੀਤ ਡੈਸਕ
04-12-2025