ਅੰਮਿ੍ਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵਲੋਂ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਲਗਾਈ ਗਈ ਧਾਰਮਿਕ ਤਨਖ਼ਾਹ ਤਹਿਤ ਅੱਜ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਜੀ ਵਿਖੇ ਇਕ ਘੰਟਾ ਜੂਠੇ ਬਰਤਨ ਮਾਂਜਣ ਅਤੇ ਜੋੜਾ ਘਰ ਵਿਖੇ ਇਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਸੇਵਾ ਸ਼ੁਰੂ ਕੀਤੀ ਗਈ | ਜ਼ਿਕਰਯੋਗ ਹੈ ਕਿ ਪ੍ਰੋ: ਵਲਟੋਹਾ ਨੂੰ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ 'ਤੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵਲੋਂ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ, ਦੋ ਦਿਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਇਕ-ਇਕ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ-ਇਕ ਘੰਟਾ ਬਰਤਨ ਸਾਫ਼ ਕਰਨ ਅਤੇ ਸੰਗਤਾਂ ਦੇ ਜੋੜੇ ਸਾਫ ਕਰਨ ਸਮੇਤ ਨਿਤਨੇਮ ਤੋਂ ਇਲਾਵਾ 11 ਦਿਨ ਜਪੁਜੀ ਸਾਹਿਬ, ਕਬਿਯੋਬਾਚ ਬੇਨਤੀ ਚੌਪਈ ਅਤੇ ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ਦਾ ਇਕ ਪਾਠ ਕਰਨ ਦੀ ਤਨਖਾਹ ਲਗਾਈ ਗਈ ਸੀ, ਜਿਸ ਤਹਿਤ ਉਨ੍ਹਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੇ ਦਿਨ ਇਹ ਸੇਵਾ ਸ਼ੁਰੂ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ: ਵਲਟੋਹਾ ਨੇ ਕਿਹਾ ਕਿ ਮੇਰੀ ਭੁੱਲ ਦੀ ਸੁਧਾਈ ਲਈ ਜੋ ਸਿੰਘ ਸਾਹਿਬਾਨ ਵਲੋਂ ਜੋ ਤਨਖ਼ਾਹ ਲਗਾਈ ਸੀ, ਉਸ ਤਹਿਤ ਅੱਜ ਸੇਵਾ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮੇਰੀ ਭੁੱਲ ਲਈ ਸਾਡੇ ਪੁਰਖਿਆਂ ਦੀ ਪਾਰਟੀ ਅਕਾਲੀ ਦਲ ਨੂੰ ਮੇਰੇ ਕੋਲੋਂ ਖੋਹਣਾ ਮੇਰੇ ਲਈ ਜ਼ਿੰਦਗੀ ਦੀ ਸਭ ਤੋਂ ਵੱਡੀ ਪੀੜਾ ਸੀ ਤੇ ਹੁਣ ਮੈਂ ਭੁੱਲ ਦੀ ਸੁਧਾਈ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਿਕ ਸੇਵਾ ਤੇ ਸਿਮਰਨ ਕਰ ਰਿਹਾ ਹਾਂ | ਇਸੇ ਦੌਰਾਨ ਯੂ. ਕੇ. ਦੇ ਸਿੱਖ ਪ੍ਰਚਾਰਕ ਭਾਈ ਹਰਿੰਦਰ ਸਿੰਘ ਨੇ ਵੀ ਸਿੰਘ ਸਾਹਿਬਾਨ ਵਲੋਂ ਲਗਾਈ ਗਈ ਤਨਖ਼ਾਹ ਤਹਿਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਗਈ |