ਚੰਡੀਗੜ੍ਹ, 9 ਦਸੰਬਰ (ਸੰਦੀਪ ਕੁਮਾਰ ਮਾਹਨਾ)-ਨਵਜੋਤ ਕੋਰ ਸਿੱਧੂ ਵਲੋਂ ਦਿੱਤੇ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ | ਜਿੱਥੇ ਇਕ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਕੌਰ ਸਿੱਧੂ ਨੂੰ ਨੋਟਿਸ ਭੇਜਿਆ ਗਿਆ ਹੈ, ਉੱਥੇ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਭਿ੍ਸ਼ਟਾਚਾਰ 'ਚ ਲਿਪਤ ਪਾਰਟੀਆਂ ਦੀ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ | ਜਾਖੜ ਨੇ ਮੁੱਖ ਮੰਤਰੀ ਨੂੰ ਲਿਖਿਆ ਹੈ ਕਿ ਕਈ ਦਹਾਕਿਆਂ ਤੋਂ ਦੇਸ਼ ਦੀ ਸਿਆਸਤ 'ਤੇ ਕਾਬਜ਼ ਰਹੀ ਪਾਰਟੀ ਦੇ ਆਗੂ ਆਪਸੀ ਤੌਰ 'ਤੇ ਹੀ ਇਕ ਦੂਸਰੇ 'ਤੇ ਗੰਭੀਰ ਦੋਸ਼ ਲਗਾ ਰਹੇ ਹਨ | ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਹ ਭਿ੍ਸ਼ਟਾਚਾਰ ਨੂੰ 'ਕੈਂਸਰ' ਆਖਦੇ ਰਹੇ ਹਨ ਅਤੇ ਕਈ ਵਾਰ ਇਹ ਵੀ ਜ਼ਿਕਰ ਕਰ ਚੁੱਕੇ ਹਨ ਕਿ ਉਨ੍ਹਾਂ ਕੋਲ ਕਈ ਆਗੂਆਂ ਦੀਆਂ 'ਫਾਈਲਾਂ' ਮੌਜੂਦ ਹਨ | ਉਨ੍ਹਾਂ ਕਿਹਾ ਕਿ ਜੇਕਰ ਫਾਈਲਾਂ ਹਨ ਤਾਂ ਫਿਰ ਖੋਲ੍ਹਦੇ ਕਿਉਂ ਨਹੀਂ? ਜਾਖੜ ਨੇ ਕਿਹਾ ਕਿ ਉਹ ਪਹਿਲਾਂ ਵੀ ਮੁੱਖ ਮੰਤਰੀ ਨੂੰ ਇਸ ਮਾਮਲੇ ਵਿਚ ਲਿਖਤੀ ਤੌਰ 'ਤੇ ਬੇਨਤੀ ਕਰ ਚੁੱਕੇ ਹਨ | ਹੁਣ ਫਿਰ ਤੋਂ ਮੰਗ ਕਰਦੇ ਹਨ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਸਾਰੀਆਂ ਸਿਆਸੀ ਪਾਰਟੀਆਂ ਦੇ ਸਾਰੇ ਆਗੂਆਂ 'ਸਮੇਤ ਮੇਰੇ' ਦੀ ਸਮਾਂਬੱਧ ਜਾਂਚ ਕਰਵਾਈ ਜਾਵੇ ਤਾਂ ਜੋ ਸਚਾਈ ਲੋਕਾਂ ਦੇ ਸਾਹਮਣੇ ਆ ਸਕੇ |