ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ਾਂ 'ਤੇ ਕਾਂਗਰਸ ਪਾਰਟੀ ਨੂੰ ਘੇਰਦੇ ਹੋਏ ਅੱਜ ਸੁਝਾਅ ਦਿੱਤਾ ਕਿ ਪਾਰਟੀ ਨੂੰ ਆਪਣੇ ਦਫ਼ਤਰ ਦੇ ਬਾਹਰ ਇਕ ਬੋਰਡ ਲਗਾਉਣਾ ਚਾਹੀਦਾ ਹੈ ਜਿਸ 'ਤੇ ਅਹੁਦਿਆਂ ਦੇ ਹਿਸਾਬ ਨਾਲ 'ਰੇਟ ਲਿਸਟ' ਲੱਗੀ ਹੋਵੇ | ਉਨ੍ਹਾਂ ਨੇ ਤੰਜ਼ ਕੱਸਦਿਆਂ ਕਿਹਾ ਕਿ ਇਨ੍ਹਾਂ ਬੋਰਡਾਂ ਤੋਂ ਲੋਕਾਂ ਨੂੰ ਮੁੱਖ ਮੰਤਰੀ, ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਨ ਸਭਾ ਮੈਂਬਰ ਅਤੇ ਪੰਚਾਇਤ ਚੋਣਾਂ ਸਮੇਤ ਹੋਰ ਅਹੁਦਿਆਂ ਲਈ ਟਿਕਟਾਂ ਪ੍ਰਾਪਤ ਕਰਨ ਸੰਬੰਧੀ ਨਿਰਧਾਰਤ ਕੀਤੀ ਕੀਮਤ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ | ਇੱਥੇ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵਜੋਤ ਕੌਰ ਸਿੱਧੂ ਵਲੋਂ ਲਗਾਏ ਗਏ ਦੋਸ਼ਾਂ ਕਿ ਕਾਂਗਰਸ ਪਾਰਟੀ ਵਿਚ ਮੁੱਖ ਮੰਤਰੀ ਦੀ ਟਿਕਟ 500 ਕਰੋੜ ਰੁਪਏ ਵਿਚ ਵਿਕੀ ਸੀ, ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਤੱਕ ਤਾਂ ਇਹ ਰੇਟ ਹੋਰ ਵੱਧ ਗਿਆ ਹੋਵੇਗਾ | ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਚਾਰ ਦਿਨ ਬੀਤ ਜਾਣ ਤੋਂ ਬਾਅਦ ਵੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਇਹ ਸਪੱਸ਼ਟ ਕਰਨ ਲਈ ਕੋਈ ਬਿਆਨ ਨਹੀਂ ਆਇਆ ਹੈ ਕਿ ਇਹ ਪੈਸਾ ਕਿੱਥੇ ਜਾਂਦਾ ਹੈ | ਉਨ੍ਹਾਂ ਸੁਨੀਲ ਜਾਖੜ ਵਲੋਂ ਲਗਾਏ ਦੋਸ਼ ਦਾ ਮੁੱਦਾ ਵੀ ਚੁੱਕਿਆ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਚਰਨਜੀਤ ਸਿੰਘ ਚੰਨੀ ਨੇ 350 ਕਰੋੜ ਰੁਪਏ 'ਚ ਮੁੱਖ ਮੰਤਰੀ ਦਾ ਅਹੁਦਾ ਹਾਸਲ ਕੀਤਾ ਸੀ | ਵਿੱਤ ਮੰਤਰੀ ਚੀਮਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਸੰਸਦ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਇਸ ਮਾਮਲੇ 'ਤੇ ਧਾਰੀ ਹੈਰਾਨੀਜਨਕ ਚੁੱਪੀ ਵੱਲ ਵੀ ਇਸ਼ਾਰਾ ਕੀਤਾ |