ਬਾਘਾ ਪੁਰਾਣਾ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਜੈ ਸਿੰਘ ਵਾਲਾ ਕੱਚਾ ਰਸਤਾ ਚੰਦ ਪੁਰਾਣਾ (ਹਲਕਾ ਬਾਘਾ ਪੁਰਾਣਾ) ਵਿਖੇ ਦੀਵਾਲੀ ਤੇ ਬੰਦੀ ਛੋੜ ਦਾ ਦਿਹਾੜਾ ਮਨਾਇਆ ਗਿਆ ਤੇ ਅਖੰਡ ਪਾਠਾਂ ਦੇ ਭੋਗ ਪਾਏ | ਇਸ ਮੌਕੇ ਇਸ ਪਵਿੱਤਰ ਅਸਥਾਨ 'ਤੇ ਦੂਰੋਂ-ਨੇੜਿਓਾ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਸਰੋਵਰ 'ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈਆਂ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਧਾਰਮਿਕ ਦੀਵਾਨਾਂ ਦੌਰਾਨ ਸੰਗਤਾਂ ਨਾਲ ਪਵਿੱਤਰ ਤਿਉਹਾਰਾਂ ਦੀ ਸਾਡੇ ਜੀਵਨ 'ਚ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ 'ਚ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਨੂੰ ਬਾਬਾ ਬਲਵਿੰਦਰ ਸਿੰਘ ਨੇ ਜੀ ਆਇਆਂ ਕਿਹਾ ਅਤੇ ਦੀਵਾਲੀ ਤੇ ਬੰਦੀ ਛੋੜ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ |