ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ 'ਤੇ ਅੰਸ਼ਿਕ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਇਹ ਪਾਬੰਦੀ ਆਦੇਸ਼ 7 ਦਸੰਬਰ 2025 ਤੋਂ 6 ਫਰਵਰੀ 2026 ਤੱਕ ਲਾਗੂ ਰਹਿਣਗੇ | ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਖੇਤਰ ਤੇ ਪਿੰਡਾਂ ਵਿਚ ਆਮ ਲੋਕ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਵਰਤੋਂ ਮੈਡੀਕਲ ਨਸ਼ੇ ਵਜੋਂ ਕਰ ਰਹੇ ਹਨ | ਸ਼ਹਿਰਾਂ ਤੇ ਪਿੰਡਾਂ ਦੇ ਮੈਡੀਕਲ ਸਟੋਰਾਂ 'ਤੇ ਇਸ ਕੈਪਸੂਲ ਦੀ ਵਿੱਕਰੀ ਆਮ ਵਾਂਗ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪਰੇਗਾਬਲਿਨ ਦਾ ਕੈਪਸੂਲ ਜਾਂ ਗੋਲੀ ਜੇ ਕੋਈ ਡਾਕਟਰ ਕਿਸੇ ਮਰੀਜ਼ ਨੂੰ ਲਿਖਦਾ ਹੈ ਤਾਂ ਸਬੰਧਿਤ ਮੈਡੀਕਲ ਸਟੋਰ ਵਲੋਂ ਉਹ ਦਵਾਈ ਸਿਰਫ਼ ਓਨੇ ਹੀ ਦਿਨਾਂ ਲਈ ਦਿੱਤੀ ਜਾਵੇਗੀ ਜਿੰਨੀ ਡਾਕਟਰ ਦੁਆਰਾ ਪਰਚੀ 'ਤੇ ਲਿਖੀ ਗਈ ਹੈ ਤੇ ਉਸ ਦੀ ਪਰਚੀ ਉੱਪਰ ਇਸ ਸਬੰਧੀ ਸਟੈਂਪ ਵੀ ਲਗਾਈ ਜਾਵੇ ਤੇ ਉਹ ਪਰਚੀ ਸਿਰਫ਼ 7 ਦਿਨ ਲਈ ਹੀ ਵੈਧ ਹੋਵੇਗੀ | ਜੇਕਰ ਕੋਈ ਕੈਮਿਸਟ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਆਪਣੇ ਪਾਸ ਰੱਖਣੀ ਚਾਹੁੰਦਾ ਹੈ, ਉਹ ਇਸ ਸਬੰਧੀ ਡਰੱਗ ਵਿਭਾਗ ਨੂੰ ਸੂਚਿਤ ਕਰੇਗਾ ਤੇ ਹਰ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਇਸ ਦਾ ਰਿਕਾਰਡ ਡਰੱਗ ਵਿਭਾਗ ਨੂੰ ਮੁਹੱਈਆ ਕਰਵਾਏਗਾ | ਉਨ੍ਹਾਂ ਡਾਕਟਰਾਂ ਨੂੰ ਵੀ ਸੁਝਾਅ ਦਿੱਤਾ ਜਿੱਥੇ ਬਹੁਤ ਜ਼ਰੂਰੀ ਹੋਵੇ, ਉੱਥੇ ਹੀ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਮਰੀਜ਼ ਨੂੰ ਲਿਖੀ ਜਾਵੇ ਤੇ ਇਸ ਦਾ ਰਿਕਾਰਡ ਰੱਖਿਆ ਜਾਵੇ | ਬਿਨ੍ਹਾਂ ਰਿਕਾਰਡ ਤੋਂ ਇਸ ਦੀ ਸੇਲ ਪਰਚੇਜ ਉੱਪਰ ਪੂਰਨ ਤੌਰ 'ਤੇ ਪਾਬੰਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 223 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |