03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਮੁਲਾਜ਼ਮ ਆਗੂ ਸੁਖਜੀਤ ਸਿੰਘ ਸਮੇਤ 4 ਜਣਿਆਂ 'ਤੇ ਐਫ.ਆਈ.ਆਰ. ਦਰਜ ਕਰਨ 'ਤੇ ਰੋਡਵੇਜ਼ ਮੁਲਾਜ਼ਮਾਂ ਵਲੋਂ ਸਰਕਾਰੀ ਜਬਰ ਦੀ ਨਿਖੇਧੀ

ਅਜੀਤ ਡੈਸਕ 05-12-2025
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਆਗੂ ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਸਮੇਤ 4 ਆਗੂਆਂ 'ਤੇ ਬੀਤੀ ਦਿਨ 25 ਨਵੰਬਰ ਨੂੰ ਜੰਤਰ-ਮੰਤਰ ਦਿੱਲੀ ਧਰਨੇ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਵਲੋਂ ਐਫ.ਆਈ.ਆਰ. ਦਰਜ ਕਰਨ 'ਤੇ ਪੰਜਾਬ ਸਰਕਾਰ ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਦਰਜਨਾਂ ਰੋਡਵੇਜ਼ ਮੁਲਾਜ਼ਮਾਂ ਦੀ ਨੌਕਰੀ ਤੋਂ ਬਰਖ਼ਾਸਤਗੀ ਕੇਂਦਰ ਤੇ ਸੂਬਾ ਸਰਕਾਰ ਦੀ ਤਾਨਾਸ਼ਾਹੀ ਹੈ ਜੋ ਹੱਕ ਸੱਚ ਦੀ ਆਵਾਜ਼ ਨੂੰ ਧੱਕੇਸ਼ਾਹੀ ਨਾਲ ਦਬਾਉਣਾ ਚਾਹੁੰਦੀ ਹੈ ਜਿਸ ਦੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਸਖ਼ਤ ਨਿੰਦਾ ਕੀਤੀ ਜਾਂਦੀ ਹੈ ਕਿਉਂਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ | ਜ਼ਿਕਰਯੋਗ ਹੈ ਕਿ ਦੇਸ਼ ਭਰ ਦੇ ਮੁਲਾਜ਼ਮਾਂ ਵਲੋਂ 25 ਨਵੰਬਰ 2025 ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਕੌਮੀ ਪੱਧਰੀ ਧਰਨਾ ਦਿੱਤਾ ਗਿਆ ਸੀ | ਧਰਨੇ ਦੌਰਾਨ ਮੁਲਾਜ਼ਮਾਂ ਦੀ ਗਿਣਤੀ ਵੱਧ ਹੋਣ ਕਾਰਨ ਦਿੱਲੀ ਪੁਲਿਸ ਵਲੋਂ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਮੁਲਾਜ਼ਮ ਆਗੂਆਂ 'ਤੇ ਐਫ.ਆਈ.ਆਰ. ਦਰਜ ਕਰ ਦਿੱਤੀ ਤੇ ਦੂਜੇ ਪਾਸੇ ਪੁਰਾਣੀ ਪੈਨਸ਼ਨ ਬਹਾਲੀ ਤੇ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਗਰੰਟੀ ਦੇ ਕੇ ਸੱਤਾ ਤੱਕ ਪਹੁੰਚੀ 'ਆਪ' ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਹੜਤਾਲ 'ਤੇ ਗਏ ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਬਰਖ਼ਾਸਤ ਕਰਨਾ ਸਰਕਾਰ ਦੀ ਧੱਕੇਸ਼ਾਹੀ ਹੈ ਜੋ ਮੁਲਾਜ਼ਮਾਂ ਦੀਆਂ ਜਾਇਜ਼ ਹੱਕੀ ਮੰਗਾਂ ਨੂੰ ਡੰਡੇ ਦੇ ਜ਼ੋਰ 'ਤੇ ਦਬਾਉਣਾ ਚਾਹੁੰਦੀ ਹੈ ਜਿਸ ਦੀ ਅਸੀਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ ਤੇ ਮੰਗ ਕਰਦੇ ਹਾਂ ਕਿ ਸਰਕਾਰ ਤੁਰੰਤ ਸਾਰੇ ਕੱਚੇ ਮੁਲਾਜ਼ਮ ਪੱਕੇ ਕਰੇ ਤੇ ਪੁਰਾਣੀ ਪੈਨਸ਼ਨ ਬਹਾਲ ਕਰ ਆਪਣਾ ਚੋਣ ਵਾਅਦਾ ਨਿਭਾਏ | ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਚੰਨੂਵਾਲਾ ਤੇ ਗੁਰਸ਼ਰਨ ਸਿੰਘ ਰਾਊਵਾਲ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਵਲੋਂ ਸਰਕਾਰ ਦੇ ਇਸ ਰਵੱਈਏ ਵਿਰੁੱਧ ਐਫ.ਆਈ.ਆਰ. ਦੀਆਂ ਕਾਪੀਆਂ ਸਾੜਦੇ ਹੋਏ ਰੋਸ ਦਿਵਸ ਮਨਾਉਂਦੇ ਹੋਏ ਰਾਜ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ |
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਸਥਿਤ ਆਸ਼ਰਮ ਵਿਖੇ ਸਤਿਸੰਗ ਸਮਾਗਮ ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।