ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਟਰੈਫ਼ਿਕ ਇੰਚਾਰਜ ਐਸ.ਆਈ. ਸੁਖਮੰਦਰ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੋਗਾ ਸ਼ਹਿਰ ਵਿਖੇ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਮੋਗਾ ਦੇ ਬੱਸ ਸਟੈਂਡ ਵਾਲੇ ਮੇਨ ਚੌਕ 'ਚ ਜੋ ਡਰਾਈਵਰ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਦਾ ਅਦਾਨ ਪ੍ਰਦਾਨ ਕਰਦੇ ਹਨ, ਉਨ੍ਹਾਂ ਨੂੰ ਅਜਿਹਾ ਕਰਨ ਤੋਂ ਕਈ ਵਾਰ ਰੋਕਿਆ ਗਿਆ ਹੈ ਪਰ ਉਹ ਫਿਰ ਵੀ ਬਾਜ਼ ਨਹੀਂ ਆ ਰਹੇ | ਉਨ੍ਹਾਂ ਬੱਸ ਡਰਾਈਵਰਾਂ ਨੂੰ ਹਦਾਇਤ ਕੀਤੀ ਕਿ ਉਹ ਬੱਸ ਸਟੈਂਡ ਵਾਲੇ ਮੇਨ ਚੌਕ ਵਿਚ ਬੱਸਾਂ ਖੜ੍ਹੀਆਂ ਨਾ ਕਰਨ | ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਜਦੋਂ ਤੋਂ ਸੁਖਮੰਦਰ ਸਿੰਘ ਐਸ.ਆਈ. ਨੇ ਬਤੌਰ ਟਰੈਫ਼ਿਕ ਇੰਚਾਰਜ ਦਾ ਅਹੁਦਾ ਸੰਭਾਲਿਆ ਹੈ, ਉਹ ਆਪਣੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੇ ਹਰ ਚੌਕ ਵਿਚ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿੰਦੇ ਹਨ |