ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਤੇ ਮੂਨਕ ਦੇ ਨਵ-ਨਿਯੁਕਤ ਐੱਸ.ਡੀ.ਐੱਮ. ਰਾਕੇਸ਼ ਪ੍ਰਕਾਸ਼ ਗਰਗ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਲੋਕਾਂ ਨੂੰ ਸਮੇਂ ਸਿਰ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਬ ਡਵੀਜ਼ਨ ਦੇ ਦਫ਼ਤਰਾਂ ਤੇ ਸਕੂਲਾਂ ਦੇ ਅਚਨਚੇਤ ਦੌਰੇ ਸ਼ੁਰੂ ਕਰ ਦਿੱਤੇ ਹਨ, ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਮਿਲ ਸਕੇ | ਰਾਕੇਸ਼ ਪ੍ਰਕਾਸ਼ ਗਰਗ ਨੇ ਸਬ ਡਵੀਜ਼ਨ ਲਹਿਰਾ ਵਿਖੇ ਹਾਈ ਸਕੂਲ ਚੋਟੀਆਂ ਦਾ ਅਚਨਚੇਤ ਦੌਰਾ ਕਰ ਕੇ ਬੱਚਿਆਂ ਦੇ ਸਿੱਖਿਆ ਪ੍ਰਬੰਧਾਂ ਅਤੇ ਮਿਡ ਡੇ ਮੀਲ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਸਕੂਲ ਦੇ ਮਿਡ-ਡੇਅ-ਮੀਲ ਦੀ ਜਾਂਚ ਵੀ ਕੀਤੀ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੌਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ | ਉਨ੍ਹਾਂ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੌਸ਼ਟਿਕ ਆਹਾਰ ਲਈ ਜਾਗਰੂਕ ਕਰਨ ਲਈ ਵੀ ਕਿਹਾ ਤਾਂ ਜੋ ਬੱਚਿਆ ਦਾ ਸੰਤੁਲਿਤ ਵਿਕਾਸ ਸੰਭਵ ਹੋ ਸਕੇ | ਐੱਸ.ਡੀ.ਐੱਮ. ਰਾਕੇਸ਼ ਪ੍ਰਕਾਸ਼ ਗਰਗ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਭਵਿੱਖ ਵਿਚ ਵੀ ਦਫ਼ਤਰਾਂ ਦੇ ਹੋਰ ਸਿੱਖਿਆ ਸੰਸਥਾਵਾਂ ਦੇ ਅਚਨਚੇਤ ਦੌਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਲੋਕਾਂ ਦੀ ਬੇਲੋੜੀ ਖੱਜਲ ਖ਼ੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾ ਕਰਮਚਾਰੀ ਕੰਮ ਵਿਚ ਕੁਤਾਹੀ ਵਰਤੇਗਾ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |