22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੰਯੁਕਤ ਕਿਸਾਨ ਮੋਰਚਾ ਤੇ ਬਿਜਲੀ ਮੁਲਾਜ਼ਮਾਂ ਵਲੋਂ 8 ਨੂੰ ਫੂਕੀਆਂ ਜਾਣਗੀਆਂ ਬਿਜਲੀ ਬਿੱਲ ਦੀਆਂ ਕਾਪੀਆਂ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਧੀਰਜ ਪਸੌਰੀਆ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਅਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪੱਧਰੀ ਸੱਦੇ ਤਹਿਤ 8 ਦਸੰਬਰ ਨੂੰ ਬਿਜਲੀ ਬਿਲ 2025 ਦੀਆਂ ਸਬ ਡਿਵੀਜ਼ਨ ਪੱਧਰ ਤੇ ਕਾਪੀਆਂ ਫੁਕਣ ਦੇ ਪ੍ਰੋਗਰਾਮ ਸਬੰਧੀ ਚਰਚਾ ਕੀਤੀ ਗਈ ਅਤੇ ਇਸ ਦੀ ਤਿਆਰੀ ਲਈ 4 ਦਸੰਬਰ ਨੂੰ ਬਲਾਕ ਪੱਧਰ ਤੇ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ ਮੀਟਿੰਗ ਵਿਚ ਮੌਜੂਦ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁਨਾਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਸਕੱਤਰ ਸਤਨਾਮ ਸਿੰਘ ਕਿਲਾ ਭਰੀਆਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਆਗੂ ਲਾਭ ਸਿੰਘ,ਬਿਜਲੀ ਮੁਲਾਜ਼ਮਾਂ ਦੇ ਆਗੂ ਜੀਵਨ ਸਿੰਘ, ਪੂਰਨ ਸਿੰਘ ਖਾਈ ਅਤੇ ਨਿਰਭੈ ਸਿੰਘ ਨੇ ਦੱਸਿਆ ਕਿ ਜੋ ਕੇਂਦਰ ਸਰਕਾਰ ਇਸ ਸਰਦ ਰੁੱਤ ਸੈਸ਼ਨ ਵਿਚ ਬਿਜਲੀ ਬਿਲ 2025 ਲੈ ਕੇ ਆ ਰਹੀ ਹੈ ਇਹ ਬਿੱਲ ਦੇਸ਼ ਦੀ 80% ਜਨਤਾ ਤੇ ਭਾਰੂ ਪਵੇਗਾ | ਇਹ ਸਿੱਧਾ ਬਿਜਲੀ ਵਿਭਾਗ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਵਾਲਾ ਬਿੱਲ ਹੈ ਜਿਸ ਨਾਲ ਆਮ ਖਪਤਕਾਰਾਂ ਨੂੰ ਬਿਜਲੀ ਬਹੁਤ ਹੀ ਉੱਚੀਆਂ ਦਰਾਂ ਤੇ ਮਿਲੇਗੀ ਅਤੇ ਸਾਰੇ ਤਰ੍ਹਾਂ ਦੀਆਂ ਸਬਸਿਡੀਆਂ ਖ਼ਤਮ ਹੋ ਜਾਣਗੀਆਂ | ਇਸ ਲੋਕ ਮਾਰੂ ਫ਼ੈਸਲੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਸੰਘਰਸ਼ ਦਾ ਬਿਗਲ ਬਜਾਇਆ ਹੈ ਜਿਸ ਦੇ ਸੱਦੇ ਤੇ ਹੀ 8 ਦਸੰਬਰ ਨੂੰ ਸਬ ਡਿਵੀਜ਼ਨ ਪੱਧਰ ਤੇ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ | ਉਸ ਤੋਂ ਪਹਿਲਾਂ ਪਿੰਡਾਂ ਵਿਚ ਮੀਟਿੰਗਾਂ, ਰੈਲੀਆਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ | ਅੱਜ ਦੀ ਮੀਟਿੰਗ ਦੇ ਫ਼ੈਸਲੇ ਅਨੁਸਾਰ ਤਿਆਰੀ ਸਬੰਧੀ 4 ਦਸੰਬਰ ਨੂੰ ਸਵੇਰੇ 11 ਵਜੇ ਬਲਾਕਾਂ ਦੀਆਂ ਮੀਟਿੰਗਾਂ ਰੱਖੀਆਂ ਗਈਆਂ ਹਨ | ਇਨ੍ਹਾਂ ਮੀਟਿੰਗਾਂ ਵਿਚ ਰੋਸ ਪ੍ਰਦਰਸ਼ਨ ਦੀ ਵਿਉਂਤਬੰਦੀ ਕੀਤੀ ਜਾਵੇਗੀ | ਮੀਟਿੰਗ ਵਿਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਮਫਲ ਸਿੰਘ ਬੁਸ਼ਹਿਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੂਨਰਾਂ, ਭਜਨ ਸਿੰਘ ਢੱਡਰੀਆਂ, ਇੰਦਰਪਾਲ ਸਿੰਘ ਪੁੰਨਾਵਾਲ, ਕਸ਼ਮੀਰ ਸਿੰਘ ਘਰਾਚੋਂ, ਜਸਵੰਤ ਸਿੰਘ ਤੋਲਾਵਾਲ, ਜੀਵਨ ਸਿੰਘ ਜਹਾਂਗੀਰ, ਨਿਹਾਲ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਬੇਨੜਾ ਸਕੂਲ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਵਿਖੇ ਸਲਾਨਾ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।