ਮਲੇਰਕੋਟਲਾ, 9 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਸਰਕਾਰੀ ਕਾਲਜ ਮਲੇਰਕੋਟਲਾ ਦਾ ਦੌਰਾ ਕਰ ਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਤਿਆਰ ਕੀਤੇ ਗਏ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦੀਆਂ ਸੁਰੱਖਿਆ ਵਿਵਸਥਾਵਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ 13 ਦਸੰਬਰ ਨੂੰ ਪੋਲਿੰਗ ਸਟਾਫ਼ ਦੀ ਰਵਾਨਗੀ ਅਤੇ 17 ਦਸੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਕੀਤੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ-ਕਮ-ਰਿਟਰਨਿੰਗ ਅਫ਼ਸਰ, ਪੰਚਾਇਤ ਸੰਮਤੀ ਮਲੇਰਕੋਟਲਾ ਮੁਕਲ ਬਾਵਾ, ਐਸ.ਡੀ.ਓ. ਇੰਜੀਨੀਅਰ ਅਮਨਦੀਪ ਕੁਮਾਰ, ਜੇ.ਈ. ਇੰਜੀਨੀਅਰ ਮਨਪ੍ਰੀਤ ਸਿੰਘ, ਚੋਣ ਸ਼ਾਖਾ ਤੋਂ ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ | ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਟਰਾਂਗ ਰੂਮ ਵਿਚ 24 ਘੰਟੇ ਕੜੀ ਸੁਰੱਖਿਆ ਪ੍ਰਬੰਧ, ਉਚਿੱਤ ਰੋਸ਼ਨੀ ਦਾ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ ਲੱਗੇ ਹੋਣ ਅਤੇ ਨਿਰੰਤਰ ਨਿਗਰਾਨੀ ਰਹੇ, ਸੁਰੱਖਿਆ ਕਰਮਚਾਰੀਆਂ ਦੀ ਡਿਊਟੀ ਰੋਸਟਰ ਸਹੀ ਢੰਗ ਨਾਲ ਤਿਆਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹੀ ਕੀਤੇ ਜਾਣ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦਾ ਕੰਮ ਅਮਨ- ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ, ਇਸ ਲਈ ਸਾਰੇ ਪ੍ਰਬੰਧ ਪਹਿਲਾਂ ਹੀ ਅਮਲ ਵਿਚ ਲਿਆਏ ਜਾਣ | ਚੋਣ ਕਾਊਟਿੰਗ ਹਾਲਾਂ ਵਿਚ ਪ੍ਰਵੇਸ਼ ਯੋਜਨਾ, ਬੈਰੀਕੇਡਿੰਗ, ਸੁਰੱਖਿਆ, ਮੀਡੀਆ ਮੈਨੇਜਮੈਂਟ ਅਤੇ ਸੰਚਾਰ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਿਟਰਨਿੰਗ ਅਫ਼ਸਰ ਨੂੰ ਹੋਰ ਕਿਹਾ ਕਿ ਪੋਲਿੰਗ ਪਾਰਟੀਆਂ ਲਈ ਹੈਲਪ ਡੈਸਕ ਦੀ ਸਥਾਪਨਾ, ਰਿਜ਼ਰਵ ਅਤੇ ਪੋਲਿੰਗ ਸਟਾਫ਼ ਦੀ ਬੈਠਕ ਵਿਵਸਥਾ, ਪੀਣ ਵਾਲੇ ਪਾਣੀ, ਸੈਨੀਟੇਸ਼ਨ ਸੁਵਿਧਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੇ ਕਿਹਾ ਕਿ ਸਾਰਾ ਸਟਾਫ਼ ਆਪਣੀਆਂ ਡਿਊਟੀਆਂ ਨੂੰ ਸਮੇਂ ਸਿਰ ਅਤੇ ਜ਼ਿੰਮੇਵਾਰੀ ਨਾਲ ਨਿਭਾਏ, ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਹੋ ਸਕੇ |