ਮੂਨਕ, 9 ਦਸੰਬਰ (ਵਰਿੰਦਰ ਭਾਰਦਵਾਜ)-ਜ਼ਿਲ੍ਹਾ ਸੰਗਰੂਰ ਦੇ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੇ ਉਮੀਦਵਾਰਾਂ ਨੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੂਨਕ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਵਾਉਣ ਉਪਰੰਤ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਤੇ ਪੁਨਰ ਸੁਰਜੀਤ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੀ ਅਗਵਾਈ ਤੇ ਭਾਰੀ ਗਿਣਤੀ ਵਰਕਰਾਂ ਦੀ ਹਾਜ਼ਰੀ 'ਚ ਇਨ੍ਹਾਂ ਉਮੀਦਵਾਰਾਂ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੱਲਰਾਂ ਤੋਂ ਉਮੀਦਵਾਰ ਗੁਰਮੇਲ ਸਿੰਘ ਪੁੱਤਰ ਇੰਦਰ ਸਿੰਘ ਚੋਟੀਆਂ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਬੱਲਰਾਂ ਤੋਂ ਕੁਲਦੀਪ ਸਿੰਘ ਪੁੱਤਰ ਦੇਵ ਸਿੰਘ, ਚੋਟੀਆਂ ਤੋਂ ਲਖਵਿੰਦਰ ਸਿੰਘ ਪੁੱਤਰ ਮੇਲਾ ਸਿੰਘ, ਰਾਮਪੁਰਾ ਗੁੱਜਰਾਂ ਤੋਂ ਰਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ, ਦੇਹਲਾ ਤੋਂ ਸੁਖਪਾਲ ਕੌਰ ਪਤਨੀ ਹੁਕਮਾਂ ਸਿੰਘ, ਮਕਰੋੜ ਸਾਹਿਬ ਤੋਂ ਹਾਕਮ ਸਿੰਘ ਪੁੱਤਰ ਰਾਮਨਾਥ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਨ੍ਹਾਂ ਚੋਣਾਂ ਸਬੰਧੀ ਨਗਰ ਨਿਵਾਸੀਆਂ, ਪਾਰਟੀ ਵਰਕਰਾਂ ਅਤੇ ਉਮੀਦਵਾਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਤੇ ਕਿਸਾਨ ਮਾਰੂ ਨੀਤੀਆਂ ਤੋਂ ਲੋਕ ਅੱਕ ਚੁੱਕੇ ਹਨ ਹੁਣ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ 'ਆਪ' ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਮਨ ਬਣਾਈ ਬੈਠੇ ਹਨ |