ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ)-ਜੇ.ਕੇ.ਐੱਸ ਪਬਲਿਕ ਸਕੂਲ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਸ਼ਰਧਾ ਅਤੇ ਸਤਿਕਾਰ ਨਾਲ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਪ੍ਰੇਰਨਾਦਾਇਕ ਭਾਸ਼ਣਾਂ ਨਾਲ ਹੋਈ ਜਿਸ ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਸਿਧਾਂਤਾਂ, ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਸਮਾਜ ਵਿਚ ਯੋਗਦਾਨ ਨੂੰ ਉਜਾਗਰ ਕੀਤਾ ਗਿਆ | ਇਸ ਤੋਂ ਬਾਅਦ, ਵਿਦਿਆਰਥੀਆਂ ਨੇ ਇਕ ਕੁਇਜ਼ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਜਿਸ ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸ, ਮਹੱਤਵਪੂਰਨ ਘਟਨਾਵਾਂ ਅਤੇ ਸਿੱਖਿਆਵਾਂ 'ਤੇ ਆਧਾਰਿਤ ਸਵਾਲਾਂ ਦੇ ਜਵਾਬ ਕੀਤੇ ਗਏ | ਸਕੂਲ ਪਿ੍ੰਸੀਪਲ ਸ਼੍ਰੀਮਤੀ ਮੀਨੂੰ ਮੋਂਗਾ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਹਰ ਵਿਦਿਆਰਥੀ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਮਨੁੱਖਤਾ ਦੀ ਸੇਵਾ ਲਈ ਸੁਚੇਤ ਰਹਿਣ ਲਈ ਉਤਸ਼ਾਹਿਤ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ |