ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਜ਼ਿਲ੍ਹੇ ਦੀਆਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ ਸੀ ਬਠਿੰਡਾ ਦੇ ਦਫ਼ਤਰ ਸਾਹਮਣੇ ਪਿਛਲੇ ਕਰੀਬ ਦਸ ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜਿਸ ਵਿਚ ਪਿੰਡਾਂ 'ਚੋਂ ਵੱਡੀ ਗਿਣਤੀ 'ਚ ਮਜ਼ਦੂਰ ਸ਼ਮੂਲੀਅਤ ਕਰ ਰਹੇ ਹਨ | ਅੱਜ ਪਿੰਡ ਚਾਉਕੇ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਆਗੂਆਂ ਵਲੋਂ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ ਅਤੇ 26 ਨਵੰਬਰ ਨੂੰ ਜ਼ਿਲ੍ਹੇ ਭਰ ਦੇ ਮਜ਼ਦੂਰਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ | ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਵੇਂ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਰਪੋਰੇਟ ਪੱਖੀ ਚਾਰ ਲੇਬਰ ਕੋਡ 21 ਨਵੰਬਰ ਤੋਂ ਪੂਰੇ ਭਾਰਤ ਚ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਮਜ਼ਦੂਰ ਜਮਾਤ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਪੂਰੇ ਦੇਸ਼ ਭਰ 'ਚ ਇਸ ਦੇ ਖ਼ਿਲਾਫ਼ ਤਿੱਖਾ ਅੰਦੋਲਨ ਕੀਤਾ ਜਾਵੇਗਾ | ਆਗੂਆਂ ਨੇ ਮੰਗ ਕੀਤੀ, ਕਿ ਚਾਰ ਲੇਬਰ ਕੋਡ ਤੁਰੰਤ ਰੱਦ ਕੀਤੇ ਜਾਣ ਅਤੇ ਮਜ਼ਦੂਰਾਂ ਨੇ ਆਪਣੇ ਸੰਘਰਸ਼ਾਂ ਰਾਹੀਂ ਜੋ ਕਿਰਤ ਕਾਨੂੰਨ ਬਣਵਾਏ ਸਨ, ਉਨ੍ਹਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ | ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ ਅਤੇ ਪ੍ਰੀਵਾਰ ਦੇ ਦੋ ਮੈਂਬਰਾਂ ਨੂੰ ਵੱਖ-ਵੱਖ ਤੌਰ 'ਤੇ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇ | ਹਰ ਵਰਗ ਦੇ ਲੋਕਾਂ ਦਾ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ | ਪੰਜਾਬ ਸਰਕਾਰ ਵਲੋਂ ਚੋਣਾਂ ਸਮੇਂ ਅÏਰਤਾਂ ਦੇ ਖਾਤਿਆਂ 'ਚ 1000 ਰੁਪਏ ਬਕਾਏ ਸਮੇਤ ਪਾਉਣੇ ਸ਼ੁਰੂ ਕੀਤੇ ਜਾਣ | ਮਜ਼ਦੂਰਾਂ ਅਤੇ ਗ਼ਰੀਬ ਲੋਕਾਂ ਨਾਲ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ |
ਅੱਜ ਡੀ.ਸੀ. ਬਠਿੰਡਾ ਦੇ ਦਫ਼ਤਰ ਸਾਹਮਣੇ ਮਜ਼ਦੂਰਾਂ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜਨ ਦਾ ਐਲਾਨ <br/>
ਅਜੀਤ ਡੈਸਕ
26-11-2025