ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-'ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਹੀ ਦੀ 350 ਸਾਲ੍ਹਾ ਸ਼ਹੀਦੀ ਸ਼ਤਾਬਦੀ ਮੌਕੇ ਜਿੱਥੇ ਸਮੁੱਚੇ ਸਿੱਖ ਜਗਤ ਅੰਦਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਸਿੱਖਾਂ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਅੱਜ ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁ: ਦਮਦਮਾ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਚੈਨ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਗਾਇਨ ਕੀਤਾ | ਪਾਵਨ ਹੁਕਮਨਾਮੇ ਦਾ ਮੁੱਖ ਵਾਕ ਤਖ਼ਤ ਸਾਹਿਬ ਦੇ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਲਿਆ | ਅਰਦਾਸ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਲ-ਨਾਲ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਦੇ ਸਮੁੱਚੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਦਿਆਂ ਸੱਚੇ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ | ਧਾਰਮਿਕ ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਮਨਦੀਪ ਸਿੰਘ ਮਾਖਾ ਤੇ ਗੁਰਚਰਨ ਸਿੰਘ ਜੀਦਾ ਦੋਵੇਂ ਮੀਤ ਮੈਨੇਜਰ, ਭਾਈ ਰਵਿੰਦਰ ਸਿੰਘ ਖਾਲਸਾ ਪਿ੍ੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਸੇਵਾਮੁਕਤ ਹੈੱਡ ਗ੍ਰੰਥੀ ਗਿਆਨੀ ਬਲਵੰਤ ਸਿੰਘ, ਭਾਈ ਬਲਜੀਤ ਸਿੰਘ ਗੁ: ਜੰਡਸਰ ਸਾਹਿਬ, ਸੀ. ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਠਾਣਾ ਸਿੰਘ ਚੱਠਾ, ਸੀ. 'ਆਪ' ਆਗੂ ਡਾ: ਰਾਜਵੀਰ ਸਿੰਘ ਢਿੱਲੋਂ, ਨਗਰ ਦੀ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦੇ ਅਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਿਦਿਆਰਥੀ ਤੇ ਸਟਾਫ਼ ਮੌਜੂਦ ਰਿਹਾ |