ਰਾਮਪੁਰਾ ਫੂਲ, 9 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਰਾਮਪੁਰਾ ਫੂਲ ਦੇ ਸਰਕਾਰੀ ਸਿਵਲ ਹਸਪਤਾਲ ਦੀ ਨਵੀਨੀਕਰਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਢੇ 7 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਹੀ ਸ਼ਹਿਰ ਵਿਚ ਆਧੁਨਿਕ ਤੇ ਉੱਤਮ ਸਿਹਤ ਸਹੂਲਤਾਂ ਮਿਲਣਗੀਆਂ | ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਾਂਗ ਨਾ ਤਾਂ ਸਰਕਾਰੀ ਥਾਵਾਂ ਤੇ ਮਾਰਕੀਟਾਂ ਕਟਾਈਆਂ ਗਈਆਂ ਅਤੇ ਨਾ ਹੀ ਕਿਸੇ ਨੇ ਆਪਣੇ ਘਰ ਭਰੇ | ਸਗੋਂ ਪਿਛਲੀਆਂ ਸਰਕਾਰਾਂ ਵਲੋਂ ਸਰਕਾਰੀ ਹਸਪਤਾਲ ਨੂੰ ਸ਼ਹਿਰ ਤੋਂ ਬਾਹਰ ਲੈ ਜਾਣ ਦੇ ਮਨਸੂਬੇ ਬਣਾਏ ਗਏ ਸਨ ਤਾਂ ਜੋ ਸ਼ਹਿਰ ਅੰਦਰ ਮੌਜੂਦ ਕਰੋੜਾਂ ਰੁਪਏ ਦੀ ਕੀਮਤੀ ਹਸਪਤਾਲੀ ਜਗ੍ਹਾ 'ਤੇ ਕਬਜ਼ਾ ਕੀਤਾ ਜਾ ਸਕੇ | ਆਪ ਸਰਕਾਰ ਨੇ ਇਨ੍ਹਾਂ ਸਾਰੇ ਮਨਸੂਬਿਆਂ 'ਤੇ ਪੂਰੀ ਤਰ੍ਹਾਂ ਪਾਣੀ ਫੇਰ ਦਿੱਤਾ ਹੈ ਅਤੇ ਸਾਢੇ 7 ਕਰੋੜ ਰੁਪਏ ਪੁਰਾਣੇ ਸਰਕਾਰੀ ਹਸਪਤਾਲ 'ਤੇ ਹੀ ਲਗਾ ਕੇ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦਾ ਦਰਦ ਭਲੀਭਾਂਤ ਸਮਝਦੇ ਹਨ ਇਸੇ ਕਰਕੇ ਉਨ੍ਹਾਂ ਵੱਲੋਂ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਸਕੀਮ ਦਿੱਤੀ ਗਈ ਹੈ | ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਦੀ ਕਮੀ ਨੂੰ ਵੀ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਸਿਹਤ ਪ੍ਰਤੀ 'ਆਪ' ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ |