ਬੀਜਾ, 21 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)- ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵੱਲੋਂ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ | ਇਹ ਟੂਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ | ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਨੌਲੱਖਾ ਸਾਹਿਬ ਦੀ ਹਜ਼ੂਰੀ 'ਚ ਸ਼ਾਮਿਲ ਹੋਣ ਦਾ ਸੁਨਹਿਰੀ ਮੌਕਾ ਪ੍ਰਾਪਤ ਹੋਇਆ | ਬੱਚਿਆਂ ਨੇ ਸ਼ਰਧਾ ਸਹਿਤ ਅਰਦਾਸ ਕੀਤੀ, ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਕਈ ਮਹੱਤਵਪੂਰਨ ਗੱਲਾਂ ਬਾਰੇ ਸਿੱਖਿਆ ਪ੍ਰਾਪਤ ਕੀਤੀ | ਇਸ ਮੌਕੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਬਲੀਦਾਨ ਬਾਰੇ ਪ੍ਰੇਰਕ ਜਾਣਕਾਰੀ ਦਿੱਤੀ | ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਵਿੱਚ ਨਾ ਸਿਰਫ਼ ਧਾਰਮਿਕ ਜਾਗਰੂਕਤਾ ਪੈਦਾ ਕਰਦੇ ਹਨ ਸਗੋਂ ਉਨ੍ਹਾਂ ਨੂੰ ਗੁਰਮਤਿ ਅਸੂਲਾਂ 'ਤੇ ਚੱਲਣ ਲਈ ਪ੍ਰੇਰਿਤ ਵੀ ਕਰਦੇ ਹਨ | ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿੜਾ ਅਤੇ ਆਨਰੇਰੀ ਸਕੱਤਰ ਗੁਰਮੋਹਨ ਸਿੰਘ ਵਾਲੀਆ ਨੇ ਇਸ ਪਵਿੱਤਰ ਯਤਨ ਲਈ ਸਕੂਲ ਪਿ੍ੰਸੀਪਲ ਅਤੇ ਸਾਰੇ ਅਧਿਆਪਕ ਵਰਗ ਨੂੰ ਦਿਲੋਂ ਮੁਬਾਰਕਬਾਦ ਦਿੱਤੀ |ੇ