ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵਲੋਂ ਐਸ.ਕੇ.ਐਮ. ਦੇ ਸੱਦੇ 'ਤੇ ਇਤਿਹਾਸਕ ਜੇਤੂ ਕਿਸਾਨ ਘੋਲ ਦੀ 5ਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਦਿੱਤੇ ਜਾ ਰਹੇ ਧਰਨੇ 'ਚ ਬਲਾਕ ਮਹਿਲ ਕਲਾਂ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਰਵਾਨਾ ਹੋਵੇਗਾ | ਇਹ ਜਾਣਕਾਰੀ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਸਤਨਾਮ ਸਿੰਘ ਮੂੰਮ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਪੰਜ ਸਾਲ ਪਹਿਲਾਂ 26 ਨਵੰਬਰ ਨੂੰ ਪੰਜਾਬ, ਹਰਿਆਣਾ, ਯੂ.ਪੀ. ਅਤੇ ਹੋਰ ਕਈ ਸੂਬਿਆਂ ਦੇ ਕਿਸਾਨਾਂ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਮਹਾਨ ਇਤਿਹਾਸਕ ਮੋਰਚਾ ਸ਼ੁਰੂ ਕੀਤਾ ਗਿਆ ਸੀ, ਜਿਸ ਦੀ ਪੰਜਵੀਂ ਵਰ੍ਹੇਗੰਢ ਦੇ ਮੌਕੇ 'ਤੇ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਨੂੰ ਹੱਲ ਕਰਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-43 ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਹਜ਼ਾਰਾਂ ਕਿਸਾਨਾਂ ਵਲੋਂ ਧਰਨਾ ਦਿੱਤਾ ਜਾਵੇਗਾ | ਕਿਸਾਨ ਆਗੂ ਗੁਰਦੇਵ ਸਿੰਘ ਮਾਂਗੇਵਾਲ, ਬਲਵੰਤ ਸਿੰਘ ਉਪਲੀ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਸਾਲ ਭਰ ਚੱਲੇ ਇਤਿਹਾਸਕ ਮੋਰਚੇ ਸਮੇਂ ਕੇਂਦਰ ਸਰਕਾਰ ਨੇ ਕਿਸਾਨਾਂ ਅੱਗੇ ਗੋਡੇ ਟੇਕਦਿਆਂ ਤੇ ਖੇਤੀ-ਕਿਸਾਨੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਂਦਿਆਂ ਸੰਯੁਕਤ ਕਿਸਾਨ ਮੋਰਚੇ ਨਾਲ ਇਹ ਵਾਅਦਾ ਕੀਤਾ ਸੀ, ਕਿ ਸੰਘਰਸ਼ ਦੌਰਾਨ ਕਿਸਾਨਾਂ 'ਤੇ ਪਾਏ ਸਾਰੇ ਕੇਸ ਜਲਦੀ ਤੋਂ ਜਲਦੀ ਰੱਦ ਕਰ ਦਿੱਤੇ ਜਾਣਗੇ | ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੇਸ ਵਾਪਸ ਨਹੀਂ ਲਏ ਗਏ | ਇਸੇ ਹੀ ਤਰ੍ਹਾਂ ਕੇਂਦਰ ਇਤਿਹਾਸਕ ਕਿਸਾਨ ਘੋਲ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਉੱਸਰੀ ਭਾਈਚਾਰਕ ਅਤੇ ਜਥੇਬੰਦਕ ਸਾਂਝ ਨੂੰ ਕਦੇ ਪਾਣੀਆਂ ਦੇ ਮਸਲੇ, ਕਦੇ ਪੰਜਾਬ ਯੂਨੀਵਰਸਿਟੀ ਅਤੇ ਕਦੇ ਚੰਡੀਗੜ੍ਹ ਦੇ ਬਹਾਨੇ ਖਿਡਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ | ਅਜਿਹੀਆਂ ਸਾਜ਼ਿਸ਼ਾਂ ਨੂੰ ਕਦਾਚਿਤ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ |