22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਸੰਬੰਧੀ ਬੈਠਕ <br/>

ਅਜੀਤ ਡੈਸਕ 10-12-2025
ਬਰਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਟੀ ਬੈਨਿਥ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਸਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਵਲੋਂ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਨਸ਼ਾ ਤਸਕਰਾਂ 'ਤੇ ਵੀ ਸ਼ਿਕੰਜਾ ਕਸਿਆ ਜਾ ਰਿਹਾ ਹੈ | ਐੱਸ.ਪੀ (ਡੀ.) ਅਸ਼ੋਕ ਕੁਮਾਰ ਨੇ ਦੱਸਿਆ ਕਿ ਬਰਨਾਲਾ ਪੁਲਿਸ ਵਲੋਂ ਪਿਛਲੇ ਮਹੀਨੇ ਦੌਰਾਨ 3231 ਨਸ਼ੀਲੀਆਂ ਗੋਲੀਆਂ, ਨਸ਼ੀਲੇ ਕੈਪਸੂਲ, 365 ਗ੍ਰਾਮ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ | ਪਿਛਲੇ ਮਹੀਨੇ ਦੌਰਾਨ ਐਨ.ਡੀ.ਪੀ.ਐੱਸ. ਅਧੀਨ 50 ਕੇਸ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ 291 ਜਾਗਰੂਕਤਾ ਸੈਮੀਨਾਰ ਲਾਏ ਗਏ ਹਨ ਤੇ 21 ਕਾਸੋ ਅਪ੍ਰੇਸ਼ਨ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੋਂ ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ ਅਤੇ ਨਸ਼ਾ ਛੁਡਾਉਣ ਲਈ ਇਲਾਜ ਲਈ ਆ ਰਹੇ ਮਰੀਜ਼ਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਨਸ਼ਿਆਂ ਖ਼ਿਲਾਫ਼ ਸਲੋਗਨ ਲਗਾਏ ਜਾਣ, ਮਾਪੇ-ਅਧਿਆਪਕ ਮਿਲਣੀ ਦੌਰਾਨ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ | ਨਗਰ ਨਿਗਮ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਕੂੜਾ, ਮਲਬਾ ਆਦਿ ਹਟਾਉਣ ਦਾ ਕੰਮ ਤੇਜੀ ਨਾਲ ਕੀਤਾ ਜਾਵੇ | ਉਨ੍ਹਾਂ ਪੇਂਡੂ ਵਿਕਾਸ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਟਰੈਫ਼ਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਮੇਂ ਦੌਰਾਨ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਨ ਲਈ ਪਹਿਲਾਂ ਤੋਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾਣ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਪੁਲਿਸ ਬਲੈਕ ਸਪੋਟ ਦੀ ਪਹਿਚਾਣ ਕਰ ਕੇ ਉੱਥੇ ਸਾਈਨ ਬੋਰਡ ਜਾਂ ਰਿਫ਼ਲੈਕਟਰ ਲਗਾਉਣ ਸਬੰਧੀ ਕੰਮ ਕੀਤੇ ਜਾਣ | ਮੀਟਿੰਗ ਦੌਰਾਨ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੋਰ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 51 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 23 ਵੈਨਾਂ ਦੇ ਚਲਾਨ ਕੱਟੇ ਗਏ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਡੀ.ਐੱਸ.ਪੀ. ਟਰੈਫ਼ਿਕ ਕੁਲਵੰਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਵਪਾਰ ਵਿਭਾਗ ਵਲੋਂ ਪਾਵਰ ਟਾਕ 2025 ਦਾ ਸਫ਼ਲ ਆਯੋਜਨ <br/> ਅਗਲੀ ਖ਼ਬਰ ਬਰਨਾਲਾ ਦੇ ਪ੍ਰਾਇਮਰੀ ਸਕੂਲ 'ਚ ਅਧਿਆਪਕ ਵਲੋਂ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਮਾਮਲਾ ਆਇਆ ਸਾਹਮਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।