ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੋਅ ਰੂਮ ਦੇ ਅੱਗੇ ਤੋਂ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਅਮਿਤ ਕੁਮਾਰ ਵਲੋਂ ਪੁਲਿਸ ਸ਼ਿਕਾਇਤ ਦਿੱਤੀ ਗਈ ਹੈ ਕਿ ਉਹ ਸਥਾਨਕ ਸਰਕੂਲਰ ਰੋਡ 'ਤੇ ਰੈਡ ਟੇਪ ਸ਼ੌਰ ਰੂਮ ਦੇ ਅੱਗੇ ਆਪਣਾ ਮੋਟਰ ਸਾਈਕਲ ਖੜ੍ਹਾ ਕਰਕੇ ਅੰਦਰ ਗਿਆ ਸੀ ਤੇ ਬਾਹਰ ਆ ਕੇ ਵੇਖਿਆ ਤਾਂ ਉਸ ਦਾ ਮੋਟਰਸਾਈਕਲ ਉਥੋਂ ਚੋਰੀ ਹੋ ਗਿਆ ਸੀ | ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਕੀਤੀ ਗਈ ਪੜਤਾਲ ਦੌਰਾਨ ਕੈਮਰਿਆਂ ਦੀ ਮਦਦ ਨਾਲ ਮੋਟਰਸਾਈਕਲ ਚੋਰੀ ਕਰਦੇ ਹੋਏ ਵਿਜੇ ਪੁੱਤਰ ਨਿੱਕਾ ਸਿੰਘ ਵਾਸੀ ਫ਼ਰੀਦਕੋਟ ਦੀ ਸ਼ਨਾਖ਼ਤ ਹੋਈ ਤੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |