ਮਾਮਲਾ 13 ਸਾਲਾ ਲੜਕੀ ਦੀ ਸਹੇਲੀਆਂ ਦੇ ਪਿਤਾ ਵਲੋਂ ਕੀਤੀ ਹੱਤਿਆ ਦਾ ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪੁਲਿਸ ਨੇ ਪਾਈ ਗਿ੍ਫ਼ਤਾਰੀ
ਅਜੀਤ ਡੈਸਕ
25-11-2025
8 ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਚੰਨੀ, ਰਿੰਕੂ, ਕਰੀਮਪੁਰੀ ਅਤੇ ਵੱਖ-ਵੱਖ ਰਾਜਨੀਤਿਕ ਆਗੂ
ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਆਪਣੀਆਂ ਧੀਆਂ ਦੀ 13 ਸਾਲਾਂ ਦੀ ਸਹੇਲੀ ਨੂੰ ਹੈਵਾਨੀਅਤ ਦਾ ਸ਼ਿਕਾਰ ਬਣਾਉਣ ਵਾਲੇ ਹਰਮਿੰਦਰ ਸਿੰਘ ਉਰਫ਼ ਰਿੰਪੀ ਵਾਸੀ ਪਾਰਸ ਅਸਟੇਟ ਦੀ ਲੋਕਾਂ ਵਲੋਂ ਕੀਤੀ ਗਈ ਕੁੱਟਮਾਰ ਤੋਂ ਬਾਅਦ ਪੁਲਿਸ ਵਲੋਂ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿਸ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ | ਇਸ ਸੰਬੰਧੀ ਏ.ਡੀ.ਸੀ.ਪੀ. (ਸਿਟੀ-2) ਹਰਿੰਦਰ ਸਿੰਘ ਗਿੱਲ ਅਤੇ ਏ.ਸੀ.ਪੀ (ਪੱਛਮੀ) ਗਗਨਦੀਪ ਸਿੰਘ ਘੁੰਮਣ ਨੇ ਜਾਣਕਾਰੀ ਦਿੱਤੀ ਕਿ ਦੇਰ ਸ਼ਾਮ ਰਿੰਪੀ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮੰਗਲਵਾਰ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਉਸ ਕੋਲੋਂ ਵਾਰਦਾਰ ਸੰਬੰਧੀ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਜਾਵੇਗੀ | ਮਾਸੂਮ ਬੱਚੀ ਨਾਲ ਹੋਈ ਇਸ ਵਾਰਦਾਤ ਤੋਂ ਬਾਅਦ ਜਿੱਥੇ ਸਾਰਾ ਹੀ ਸ਼ਹਿਰ ਗ਼ੰਮਗੀਨ ਹੈ, ਉੱਥੇ ਹਰ ਕਿਸੇ ਦਾ ਲੜਕੀ ਨਾਲ ਹੋਈ ਵਾਰਦਾਤ ਦੀ ਚਰਚਾ ਕਰਦੇ ਸਮੇਂ ਅੱਖਾਂ ਭਰ ਲੈਂਦਾ ਹੈ ਅਤੇ ਮੁਲਜ਼ਮ ਨੂੰ ਬਦਅਸੀਸਾਂ ਦੇ ਰਿਹਾ ਹੈ | ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ | ਅੱਜ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਐਡਵੋਕੇਟ ਬਲਵਿੰਦਰ ਕੁਮਾਰ ਅਤੇ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਪੀੜਤ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਵਰਨਣਯੋਗ ਹੈ ਕਿ ਆਪਣੀਆਂ ਧੀਆਂ ਨੂੰ ਮਿਲਣ ਘਰ ਆਈ ਉਨ੍ਹਾਂ ਦੀ ਨਾਬਾਲਗ ਸਹੇਲੀਆਂ ਨਾਲ ਮਾੜਾ ਵਿਹਾਰ ਕਰਕੇ ਹਰਮਿੰਦਰ ਸਿੰਘ ਉਰਫ਼ ਰਿੰਪੀ ਨੇ ਉਸ ਦੀ ਹੱਤਿਆ ਕਰ ਦਿੱਤੀ ਸੀ, ਜਿਸ ਤੋਂ ਬਾਅਦ ਲਾਸ਼ ਨੂੰ ਟਿਕਾਣੇ ਲਗਾਉਣ ਦੀ ਤਿਆਰੀ ਕਰ ਰਿਹਾ ਸੀ | ਇਸੇ ਦੌਰਾਨ ਇਲਾਕਾ ਵਾਸੀਆਂ ਨੇ ਉਸ ਦੇ ਘਰ 'ਚੋਂ ਲੜਕੀ ਦੀ ਲਾਸ਼ ਬਰਾਮਦ ਕਰਕੇ, ਰਿੰਪੀ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ | ਪੁਲਿਸ ਨੇ ਰਿੰਪੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ, ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਸੀ, ਜਿਸ ਨੂੰ ਅੱਜ ਛੁੱਟੀ ਮਿਲਣ 'ਤੇ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਦੌਰਾਨ ਪੁਲਿਸ ਨੇ ਲੜਕੀ ਦੀ ਮਿ੍ਤਕਦੇਹ ਦਾ ਪੋਸਟਮਾਰਟਮ ਕਰਵਾਇਆ ਹੈ, ਜਿਸ ਦੀ ਰਿਪੋਰਟ ਆਉਣ 'ਤੇ ਪੁਲਿਸ ਬਣਦੀ ਅਗਲੇਰੀ ਕਾਰਵਾਈ ਅਮਲ 'ਚ ਲਿਆਵੇਗੀ |