ਜਲੰਧਰ, 3 ਦਸੰਬਰ (ਐੱਮ. ਐੱਸ. ਲੋਹੀਆ)-13 ਸਾਲਾਂ ਦੀ ਬੱਚੀ ਨਾਲ ਮਾੜਾ ਵਿਵਹਾਰ ਕਰਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਤਹਿਤ 9 ਦਿਨ ਦੇ ਰਿਮਾਂਡ 'ਤੇ ਚੱਲ ਰਹੇ ਗਿ੍ਫ਼ਤਾਰ ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਪੁਲਿਸ ਨੇ ਅੱਜ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ 'ਚ ਪੇਸ਼ ਕੀਤਾ | ਅਧਿਕਾਰੀਆਂ ਨੇ ਦਸਿਆ ਕਿ ਉਨ੍ਹਾਂ ਇਸ ਮਾਮਲੇ 'ਚ ਮੁਲਜ਼ਮ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ 4 ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਉਸ ਦਾ ਦੋ ਦਿਨ ਦਾ ਰਿਮਾਂਡ ਹੋਰ ਦਿੱਤਾ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਵਲੋਂ ਹੱਤਿਆ ਕਰਨ ਦੇ ਪਿੱਛੇ ਦੇ ਕਾਰਨਾਂ ਸੰਬੰਧੀ ਕੋਈ ਖੁਲਾਸਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਲਏ ਗਏ ਹੋਰ ਰਿਮਾਂਡ ਦੌਰਾਨ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਚਾਈ ਨੂੰ ਸਾਹਮਣੇ ਲਿਆਉਣ ਲਈ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ | ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਮਾਮਲੇ ਦੀ ਰਿਪੋਰਟ ਤਿਆਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ |