ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੰਡੀ ਬਰੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਭਵਨ 'ਚ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸੰਬੰਧ ਵਿਚ ਪ੍ਰਕਾਸ਼ ਕਰਵਾਏ ਗਏ ਅਖੰਡ ਪਾਠ ਦਾ ਭੋਗ ਪਾਇਆ ਗਿਆ | ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਗ੍ਰੰਥੀ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਪ੍ਰੋਗਰਾਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਪਿਛਲੇ ਸਮੇਂ ਤੋਂ ਸਮੂਹ ਭਾਈਚਾਰੇ ਵਲੋਂ ਬਾਬਾ ਵਿਸ਼ਵਕਰਮਾ ਦਾ ਦਿਵਸ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਵਲੋਂ ਸ਼ਿਲਪਕਾਰੀ, ਆਰਕੀਟੈਕਟ ਤੇ ਇੰਜੀਨੀਅਰਿੰਗ ਦੇ ਖੇਤਰ ਵਿਚ ਲੋਕਾਈ ਨੂੰ ਵਿਖਾਇਆ ਗਿਆ ਰਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ ਹੈ, ਜਿਸ ਤੋਂ ਸੇਧ ਲੈ ਕੇ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ | ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਜਿੰਦਰ ਸਿੰਘ, ਚਰਨਦਾਸ ਕਾਲਾ, ਚਰਨਦਾਸ ਚੰਨਾ, ਕੇਵਲ ਸਿੰਘ, ਬਲਦੇਵ ਸਿੰਘ, ਸੁਖਮੰਦਰ ਸਿੰਘ ਕਲਸੀ, ਛਿੰਦਰਪਾਲ ਸਿੰਘ, ਬਲਦੇਵ ਸਿੰਘ ਦੀਪੀ, ਮੁਕੇਸ਼ ਬਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਪੁੱਜੇ ਹੋਏ ਮਹਿਮਾਨਾਂ ਤੇ ਪਵਤੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ |