ਮੰਡੀ ਲੱਖੇਵਾਲੀ, 9 ਦਸੰਬਰ (ਮਿਲਖ ਰਾਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਲੱਖੇਵਾਲੀ ਬਿਜਲੀ ਗਰਿੱਡ ਮੂਹਰੇ ਅੰਸ਼ਕ ਰੂਪ 'ਚ ਧਰਨਾ ਦਿੱਤਾ ਗਿਆ, ਜਿਸ ਨੂੰ ਬਾਅਦ 'ਚ ਡਿਪਟੀ ਕਮਿਸ਼ਨਰ ਵਲੋਂ ਗੱਲਬਾਤ ਲਈ ਬੁਲਾਏ ਜਾਣ ਬਾਅਦ ਮੁਲਤਵੀ ਕਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਕਿਸਾਨ ਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਮੁੜ ਆਪਣਾ ਕਿਸਾਨ-ਮਜ਼ਦੂਰ ਵਿਰੋਧੀ ਚਿਹਰਾ ਵਿਖਾਉਂਦਿਆਂ ਬਿਜਲੀ ਸੋਧ ਬਿੱਲ 2025 ਲਿਆਂਦਾ ਜਾ ਰਿਹਾ ਹੈ | ਇਹ ਬਿੱਲ ਨਾ ਸਿਰਫ਼ ਕਿਸਾਨ-ਮਜ਼ਦੂਰ ਵਿਰੋਧੀ ਹੈ, ਬਲਕਿ ਸਮੁੱਚੇ ਵਰਗ ਲਈ ਵੀ ਬੇਹੱਦ ਘਾਤਕ ਸਿੱਧ ਹੋਵੇਗਾ | ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਮੋਦੀ ਸਰਕਾਰ ਵਾਰ-ਵਾਰ ਕਿਸਾਨਾਂ ਤੇ ਮਜ਼ਦੂਰਾਂ ਦਾ ਸਬਰ ਨਾ ਪਰਖੇ | ਕਿਸਾਨ ਤੇ ਮਜ਼ਦੂਰ ਕਦੇ ਵੀ ਜ਼ਬਰਦਸਤੀ ਥੋਪੇ ਗਏ ਅਜਿਹੇ ਲੋਕ ਵਿਰੋਧੀ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ | ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਹਰਫੂਲ ਸਿੰਘ ਭਾਗਸਰ, ਕੁਲਵੀਰ ਸਿੰਘ ਭਾਗਸਰ, ਪਿਆਰਾ ਸਿੰਘ ਮਦਰੱਸਾ, ਖੇਤ ਮਜ਼ਦੂਰ ਯੂਨੀਅਨ ਆਗੂ ਤਰਸੇਮ ਸਿੰਘ ਖੁੰਡੇ ਹਲਾਲ, ਕਾਕਾ ਸਿੰਘ ਖੁੰਡੇ ਹਲਾਲ ਆਦਿ ਹਾਜ਼ਰ ਸਨ |