ਮਾਨਸਾ, 3 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਭਖਦੀਆਂ ਮੰਗਾਂ ਸਬੰਧੀ ਸਿਵਲ ਸਰਜਨ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਗਿਆ | ਜ਼ਿਲ੍ਹਾ ਪ੍ਰਧਾਨ ਹਰਪਾਲ ਕੌਸ਼ਲ ਨੇ ਦੱਸਿਆ ਕਿ ਉਹ ਪਿਛਲੇ 19 ਸਾਲ ਤੋਂ ਠੇਕੇ 'ਤੇ ਕੰਮ ਕਰ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਡਿਊਟੀ ਦੇ ਨਾਂਅ 'ਤੇ ਉਨ੍ਹਾਂ ਦਾ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਿਨਾਂ ਟੀ.ਏ. ਤੇ ਡੀ.ਏ. ਤੋਂ 200/250 ਕਿਲੋਮੀਟਰ ਡਿਊਟੀ 'ਤੇ ਜਾਣ ਲਈ ਮਜਬੂਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਰਮਚਾਰੀ ਦੀ ਸਿਹਤ ਵਿਗੜ ਜਾਂਦੀ ਹੈ ਤਾਂ ਉਸ ਨੂੰ ਛੁੱਟੀ ਲੈਣ ਸਮੇਂ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਪ੍ਰਭਜੋਤ ਕੌਰ ਸੰਘਾ, ਜਸਪਾਲ ਸਿੰਘ, ਕੀਮਤ ਰਾਏ, ਹਰਪਾਲ ਸਿੰਘ, ਰਜਨੀ ਬਾਲਾ ਆਦਿ ਹਾਜ਼ਰ ਸਨ |