ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਨੇ 3,64372 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ ਤੇ ਖ਼ਰੀਦੇ ਗਏ ਝੋਨੇ ਦੇ ਕਿਸਾਨਾਂ ਦੇ ਖਾਤਿਆਂ ਵਿਚ 790 ਕਰੋੜ ਰੁਪਏ ਪਾਏ ਜਾ ਚੁੱਕੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਵਿਚੋਂ 2,98,498 ਮੀਟਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਸ ਸਾਲ ਦੇ ਸੀਜ਼ਨ ਦੌਰਾਨ ਪਨਗਰੇਨ ਨੇ 1,32,717.90 ਮੀਟਰਿਕ ਟਨ ਝੋਨਾ ਖ਼ਰੀਦਿਆ ਜਦਕਿ ਮਾਰਕਫੈੱਡ ਨੇ 1,15,918.34 ਮੀਟਰਿਕ ਟਨ, ਪਨਸਪ ਨੇ 81,920.28 ਮੀਟਰਿਕ ਟਨ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 33,476.90 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਅਨੁਸਾਰ ਸੱੁਕਾ ਝੋਨਾ ਹੀ ਮੰਡੀ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ | ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |