ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਕਪੂਰਥਲਾ ਤੋਂ ਡਾ. ਜਗਜੀਤ ਸਿੰਘ ਉਚੇਚੇ ਤੌਰ 'ਤੇ ਸ਼ਾਮਲ ਹੋਏ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਉਨ੍ਹਾਂ ਦੀ ਬਾਣੀ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਬੇ ਮਿਸਾਲ ਯੋਗਦਾਨ 'ਤੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਧਰਮ, ਸੱਚ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਜੋ ਸਾਰੀ ਮਨੁੱਖਤਾ ਲਈ ਪ੍ਰੇਰਨਾਦਾਇਕ ਹੈ | ਡਾ. ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਉਪਦੇਸ਼ਾਂ 'ਤੇ ਚੱਲ ਕੇ ਸੱਚ, ਧੀਰਜ ਤੇ ਸੇਵਾ ਦੇ ਮਾਰਗ 'ਤੇ ਅੱਗੇ ਵਧਣ | ਇਸਤੋਂ ਪਹਿਲਾਂ ਕਾਲਜ ਦੀ ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀ ਵਿਚ ਆਤਮਿਕਤਾ ਤੇ ਨੈਤਿਕ ਜਾਗਰੂਕਤਾ ਪੈਦਾ ਕਰਦੇ ਹਨ | ਉਨ੍ਹਾਂ ਗੁਰੂ ਜੀ ਦੀ ਬਾਣੀ ਨੂੰ ਮਨੁੱਖਤਾ ਲਈ ਮਾਰਗ ਦਰਸ਼ਕ ਦੱਸਿਆ | ਪੋ੍ਰਗਰਾਮ ਦੀ ਕੋਆਰਡੀਨੇਟਰ ਤੇ ਪੰਜਾਬੀ ਵਿਭਾਗ ਦੀ ਇੰਚਾਰਜ ਹਰਜਿੰਦਰ ਕੌਰ ਨੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਵਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ |