ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਲਪੁਰ ਅੱਡੇ ਵਿਖੇ ਦੋ ਧਿਰਾਂ ਦੀ ਲੜਾਈ ਦੌਰਾਨ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਨੌ ਨਿਹਾਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਰਿੰਦਪੁਰ ਨੇ ਦੱਸਿਆ ਕਿ ਉਹ ਆਪਣੀ ਗੱਡੀ ਵਿਚ ਸਵਾਰ ਹੋ ਕੇ ਆਪਣੀ ਪਤਨੀ ਰਮਨਦੀਪ ਕੌਰ ਨਾਲ ਬੂਲਪੁਰ ਸਾਈਡ 'ਤੇ ਜਾ ਰਿਹਾ ਸੀ, ਜਦੋਂ ਉਹ ਸੰਧਰਾ ਪੁਲੀ 'ਤੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆ ਰਹੀ ਇਕ ਕਾਰ ਨਾਲ ਉਸਦਾ ਸਾਈਡ ਗਲਾਸ ਟਰਕਾ ਗਿਆ | ਜਿਸ ਤੋਂ ਬਾਅਦ ਕਾਰ ਚਾਲਕ ਨੇ ਆਪਣੇ ਸਾਥੀਆਂ ਨਾਲ ਉਨ੍ਹਾਂ ਨੂੰ ਬੂਲਪੁਰ ਅੱਡੇ ਵਿਚ ਜਾ ਕੇ ਘੇਰ ਲਿਆ ਤੇ ਉਨ੍ਹਾਂ ਦੀ ਗੱਡੀ ਰੋਕ ਕੇ ਮੇਰੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ | ਇਸ ਤੋਂ ਬਾਅਦ ਮੇਰੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨਾਲ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਵਿਚ ਰੂਬਲਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸ਼ੇਖਰ ਵਲੋਂ ਜਖ਼ਮੀਆਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |