ਸੁਲਤਾਨਪੁਰ ਲੋਧੀ, 9 ਦਸੰਬਰ (ਪ.ਪ.)-ਬਲਾਕ ਸੰਮਤੀ ਜ਼ੋਨ ਟਿੱਬਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ ਠੱਟਾ ਨਵਾਂ, ਅਮਰਕੋਟ, ਬੂਲਪੁਰ, ਜਾਂਗਲਾ, ਠੱਟਾ ਪੁਰਾਣਾ, ਬਸਤੀ ਬੂਲਪੁਰ, ਸ਼ਿਕਾਰਪੁਰ, ਭੀਲਾਂਵਾਲ, ਭੋਲੂਵਾਲਾ, ਗਾਂਧਾ ਸਿੰਘ ਵਾਲਾ ਆਦਿ ਪਿੰਡਾਂ ਦੇ ਵੋਟਰਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ | ਬੀਤੇ ਦਿਨ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡ ਠੱਟਾ ਨਵਾਂ ਵਿਖੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਵੱਲੋਂ ਕਰਵਾਈ ਗਈ ਵਿਸ਼ਾਲ ਰੈਲੀ ਵਿਚ ਇਲਾਕਾ ਨਿਵਾਸੀਆਂ ਨੇ ਬੀਬੀ ਸੁਰਜੀਤ ਕੌਰ ਨੂੰ ਵੋਟਾਂ ਪਾਉਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਬੋਲਦਿਆਂ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਮੁਫ਼ਤ ਬਿਜਲੀ ਸਕੀਮ ਦਾ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡਾ ਫ਼ਾਇਦਾ ਹੋਇਆ ਹੈ | ਇਸੇ ਤਰ੍ਹਾਂ ਪੰਜਾਬ ਦੇ ਮੱਥੇ ਤੇ ਲੱਗੇ ਨਸ਼ੇ ਦੇ ਕਲੰਕ ਨੂੰ ਸਾਫ਼ ਕਰਨ ਲਈ ਵੱਡੇ ਪੱਧਰ ਤੇ ਮੁਹਿੰਮ ਚੱਲ ਰਹੀ ਹੈ | ਇਸ ਮੌਕੇ ਉਨ੍ਹਾਂ ਨੇ ਬਲਾਕ ਸੰਮਤੀ ਲਈ ਸੁਰਜੀਤ ਕੌਰ ਟਿੱਬਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਵਿੰਦਰ ਕੌਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਵਿਸ਼ਵਾਸ ਦਿਵਾਇਆ ਕਿ ਪਿੰਡ ਠੱਟਾ ਨਵਾਂ 'ਚੋਂ ਵੱਡੀ ਗਿਣਤੀ ਵਿਚ ਆਪ ਉਮੀਦਵਾਰਾਂ ਨੂੰ ਵੋਟਾਂ ਪਾਈਆਂ ਜਾਣਗੀਆਂ |