14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਨਰੇਗਾ ਕਾਨੂੰਨ ਖ਼ਤਮ ਕੀਤੇ ਜਾਣ ਦੇ ਵਿਰੋਧ 'ਚ ਨਰੇਗਾ ਮੁਲਾਜ਼ਮਾਂ ਨੇ ਕੱਢਿਆ ਰੋਸ ਮਾਰਚ

ਅਜੀਤ ਡੈਸਕ 30-12-2025
ਕਪੂਰਥਲਾ, 29 ਦਸੰਬਰ (ਅਮਰਜੀਤ ਕੋਮਲ)-ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਨਰੇਗਾ ਮੁਲਾਜ਼ਮਾਂ ਨੇ ਮਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ ਵਿਚ ਬੀ.ਡੀ.ਓ. ਦਫ਼ਤਰ ਕਪੂਰਥਲਾ ਤੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਦਿੱਤਾ ਦੀ ਅਗਵਾਈ ਵਿਚ ਰੋਸ ਮਾਰਚ ਕੱਢਿਆ | ਮਾਰਚ ਦੇ ਸ਼ਹੀਦ ਭਗਤ ਸਿੰਘ ਚੌਂਕ ਪਹੁੰਚਣ 'ਤੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਬਾਅਦ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਨਾਇਬ ਤਹਿਸੀਲਦਾਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ | ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮਦਿੱਤਾ ਨੇ ਕਿਹਾ ਕਿ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਕਾਨੂੰਨ ਬਣਾਉਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ 4 ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਰੇਗਾ ਨੂੰ ਖ਼ਤਮ ਕਰਕੇ ਪਾਸ ਕੀਤਾ ਗਿਆ ਨਵਾਂ ਕਾਨੂੰਨ ਵੀ.ਵੀ.ਜੀ.ਰਾਮ ਜੀ. ਤਹਿਤ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਰੁਜ਼ਗਾਰ ਦੀ ਕੋਈ ਵੀ ਗਾਰੰਟੀ ਨਹੀਂ ਦਿੱਤੀ ਗਈ | ਉਲਟਾ ਇਸ ਵਿਚ ਸੂਬਾ ਸਰਕਾਰਾਂ ਦੀ 40 ਪ੍ਰਤੀਸ਼ਤ ਹਿੱਸੇਦਾਰੀ ਪਾਉਣੀ ਲਾਜ਼ਮੀ ਕਰ ਦਿੱਤੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਪਹਿਲਾਂ ਹੀ 4 ਲੱਖ ਕਰੋੜ ਰੁਪਏ ਦਾ ਕਰਜ਼ਾਈ ਹੈ ਤੇ ਉਹ ਕਿਸੇ ਵੀ ਸੂਰਤ ਵਿਚ ਇਸ ਸਕੀਮ ਨੂੰ ਰਾਜ ਵਿਚ ਚਾਲੂ ਰੱਖਣ ਲਈ ਬਣਦਾ ਹਿੱਸਾ ਨਹੀਂ ਪਾ ਸਕੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਪੰਜਾਬ ਦਾ ਜੀ.ਐਸ.ਟੀ. ਤੇ ਦਿਹਾਤੀ ਵਿਕਾਸ ਫ਼ੰਡ ਦੀ ਵੀ ਸਰਕਾਰ ਨੂੰ ਅਦਾਇਗੀ ਨਹੀਂ ਕੀਤੀ ਜਾ ਰਹੀ ਤੇ ਇਸ ਹਾਲਾਤ ਵਿਚ ਨਰੇਗਾ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖ਼ਾਹ ਮਿਲਣੀ ਸੰਭਵ ਨਹੀਂ ਹੋਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਕਾਨੂੰਨ ਮੁਤਾਬਿਕ ਪਿੰਡਾਂ ਦੇ ਮਜ਼ਦੂਰ ਮੰਗ ਅਨੁਸਾਰ ਕੰਮ ਕਰਨ ਦੇ ਹੱਕਦਾਰ ਨਹੀਂ ਹੋਣਗੇ ਤੇ ਸਰਕਾਰ ਜਦੋਂ ਵੀ ਜਿੱਥੇ ਵੀ ਚਾਹੇਗੀ, ਉੱਥੇ ਉਨ੍ਹਾਂ ਨੂੰ ਕੰਮ ਦੇਵੇਗੀ ਤੇ ਇਸ ਹਾਲਾਤ ਵਿਚ ਨਰੇਗਾ ਮੁਲਾਜ਼ਮਾਂ ਨੂੰ ਵੀ ਆਪਣਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਚੁੱਕਾ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੰਚਾਇਤ ਵਿਭਾਗ ਵਿਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਸ਼ਾਮਲ ਕਰਕੇ ਉਨ੍ਹਾਂ ਦੀਆਂ ਰੈਗੂਲਰ ਅਸਾਮੀਆਂ 'ਤੇ ਭਰਤੀ ਕੀਤੀ ਜਾਵੇ | ਇਸੇ ਦੌਰਾਨ ਹੀ ਮਨਰੇਗਾ ਜਾਪ ਕਾਰਡ ਹੋਲਡਰ ਨੇ ਵੀ ਵੱਖਰੇ ਤੌਰ 'ਤੇ ਸਰਕਾਰ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਅਨਿਲ ਸਿੰਗਲਾ, ਜਸਕਰਨ ਵਰਮਾ, ਮਨਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਹੋਤਾ, ਵਿਕਰਾਂਤ, ਸੁਰਜੀਤ ਸਿੰਘ, ਮੰਗਲ ਸਿੰਘ, ਚੰਦਾ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ, ਸਰਬਜੀਤ ਕੌਰ, ਕੁਲਵਿੰਦਰ ਕੌਰ, ਬਲਜੀਤ ਕੌਰ, ਗਗਨਦੀਪ ਕੌਰ, ਬਲਬੀਰ ਕੌਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਲਵਪ੍ਰੀਤ ਕੌਰ, ਦਲਜੀਤ ਕੌਰ, ਮਨਜੀਤ ਕੌਰ, ਪ੍ਰਭਜੋਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੁਲੱਥ ਦੇ ਕੇਬਲ ਆਪਰੇਟਰ ਦਾ ਮੋਟਰਸਾਈਕਲ ਤੇ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਪਿੰਡ ਬੋਹਾਨੀ ਵਿਖੇ ਗੋਲੀ ਚਲਾਉਣ ਵਾਲਾ ਪੁਲਿਸ ਵਲੋਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।