ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 20 ਜਨਵਰੀ-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਨੂੰ ਸਫ਼ਲਤਾ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇਕ ਨਵੀਂ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੁਹਿੰਮ ਦੀ ਸ਼ੁਰੂਆਤ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ 'ਆਪ੍ਰੇਸ਼ਨ ਪ੍ਰਹਾਰ' ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ | ਡੀ. ਜੀ. ਪੀ. ਗੌਰਵ ਯਾਦਵ ਜਿਨ੍ਹ੍ਹਾਂ ਦੇ ਨਾਲ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏ. ਡੀ. ਜੀ. ਪੀ. ਐਂਟੀ-ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ ਅਤੇ ਆਈ. ਜੀ. ਪੀ. ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਗੈਂਗਸਟਰਵਾਦ ਅਤੇ ਇਸ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟਾਲਰੈਂਸ ਨੀਤੀ ਨੂੰ ਦੁਹਰਾਇਆ | ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਇਕ ਸੁਚੱਜੀ ਤੇ ਰਣਨੀਤੀਬੱਧ ਜੰਗ ਦਾ ਐਲਾਨ ਕੀਤਾ ਹੈ ਜਿਸਦਾ ਉਦੇਸ਼ ਗੈਂਗਸਟਰਵਾਦ ਦੇ ਪੂਰੇ ਵਾਤਾਵਰਨ-ਜਿਸ ਵਿਚ ਉਨ੍ਹਾਂ ਦੀ ਵਿੱਤ, ਲੌਜਿਸਟਿਕਸ, ਛੁਪਣਗਾਹਾਂ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਨੈਟਵਰਕ ਸ਼ਾਮਿਲ ਹੈ, ਨੂੰ ਤਹਿਸ ਨਹਿਸ ਕਰਨਾ ਹੈ | ਉਨ੍ਹਾਂ ਨੇ ਵਿਦੇਸ਼ੀ ਗੈਂਗਸਟਰਾਂ ਨੂੰ ਇਹ ਵੀ ਚਿਤਾਵਨੀ ਦਿੱਤੀ ਕਿ ਉਹ ਵਿਦੇਸ਼ਾਂ ਵਿਚ ਸੁਰੱਖਿਅਤ ਮਹਿਸੂਸ ਨਾ ਕਰਨ, ਜਲਦੀ ਹੀ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਲਿਆਂਦਾ ਜਾਵੇਗਾ | ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨੇ 60 ਅਜਿਹੇ ਗੈਂਗਸਟਰਾਂ ਦੀ ਪਛਾਣ ਕੀਤੀ ਹੈ ਜੋ ਵਿਦੇਸ਼ਾਂ ਵਿਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦੇਸ਼ੀ ਗੈਂਗਸਟਰਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ, ਡੀ. ਆਈ. ਜੀ. ਕਾਊਾਟਰ ਇੰਟੈਲੀਜੈਂਸ ਆਸ਼ੀਸ਼ ਚੌਧਰੀ ਦੀ ਅਗਵਾਈ ਵਿਚ ਇਕ 'ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ' (ਓ. ਐਫ. ਟੀ. ਈ. ਸੀ.) ਸਥਾਪਿਤ ਕੀਤਾ ਗਿਆ ਹੈ ਅਤੇ ਜਲਦੀ ਹੀ ਅਜਿਹੇ ਵਿਦੇਸ਼ੀ ਗੈਂਗਸਟਰਾਂ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਪੰਜਾਬ ਲਿਆਂਦਾ ਜਾਵੇਗਾ | ਡੀ. ਜੀ. ਪੀ. ਪੰਜਾਬ ਨੇ ਕਿਹਾ ਕਿ ਇਨ੍ਹਾਂ 60 ਵਿਦੇਸ਼ ਅਧਾਰਿਤ ਪਛਾਣੇ ਗਏ ਗੈਂਗਸਟਰਾਂ 'ਚੋਂ 23 ਨੂੰ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਗਏ ਹਨ ਜਾਂ ਕੀਤੇ ਜਾ ਰਹੇ ਹਨ ਜਦਕਿ ਬਾਕੀ 37 ਗੈਂਗਸਟਰਾਂ ਲਈ ਆਰਸੀਐਨਜ਼ ਜਾਰੀ ਕਰਨ ਦੀ ਪ੍ਰਕਿਰਿਆ ਸਮਾਂਬੱਧ ਢੰਗ ਨਾਲ 3 ਮਹੀਨਿਆਂ ਵਿਚ ਪੂਰੀ ਕਰ ਲਈ ਜਾਵੇਗੀ | ਡੀ. ਜੀ. ਪੀ. ਨੇ ਗੁੰਮਰਾਹ ਨੌਜਵਾਨਾਂ ਨੂੰ ਅਪਰਾਧ ਦਾ ਰਸਤਾ ਛੱਡ ਕੇ ਮੁੱਖ ਧਾਰਾ ਵਿਚ ਵਾਪਸ ਪਰਤਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਮੈਂ ਗੁੰਮਰਾਹ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿਚ ਵਿਦੇਸ਼ੀ ਗੈਂਗਸਟਰਾਂ ਦੇ ਬਹਿਕਾਵੇ ਵਿਚ ਨਾ ਆਉਣ ਕਿਉਂਕਿ ਜੋ ਖੁਦ ਵਿਦੇਸ਼ਾਂ ਵਿਚ ਪਨਾਹ ਲੈ ਕੇ ਬੈਠੇ ਹਨ, ਉਹ ਤੁਹਾਡੇ ਖੈਰ-ਖੁਆਹ ਨਹੀਂ ਹੋ ਸਕਦੇ | ਉਨ੍ਹਾਂ ਇਹ ਵੀ ਚਿਤਵਾਨੀ ਦਿੱਤੀ ਕਿ ਜੋ ਨੌਜਵਾਨ ਅਪਰਾਧ ਦਾ ਇਹ ਰਸਤਾ ਨਹੀਂ ਛੱਡਣਗੇ ਉਹ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ | ਇਸ ਦੌਰਾਨ ਡੀ. ਜੀ. ਪੀ. ਗੌਰਵ ਯਾਦਵ ਨੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ- 93946-93946 ਵੀ ਸ਼ੁਰੂ ਕੀਤਾ, ਜਿਥੇ ਲੋਕ ਅਪਰਾਧੀਆਂ/ ਗੈਂਗਸਟਰਾਂ ਬਾਰੇ ਗੁਪਤ ਰੂਪ ਵਿਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਵੀ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵਲੋਂ ਦਿੱਤੀ ਗੈਂਗਸਟਰਾਂ ਦੀ ਸੂਚਨਾ ਦੇ ਆਧਾਰ 'ਤੇ ਜੇਕਰ ਕੋਈ ਗਿ੍ਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨਾਮ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਲਈ 10 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ | ਇਸ ਨੀਤੀ ਤਹਿਤ ਐਸ. ਐਸ. ਪੀਜ਼. ਨੂੰ 1 ਲੱਖ ਰੁਪਏ ਤੱਕ, ਸੀਪੀਜ਼/ਡੀ. ਆਈ. ਜੀਜ਼. ਰੇਂਜਜ਼ ਨੂੰ 1.5 ਲੱਖ ਰੁਪਏ ਤੱਕ, ਵਿੰਗ ਹੈੱਡਜ਼ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਡੀ. ਜੀ. ਪੀ. ਪੰਜਾਬ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜ਼ੂਰ ਕਰ ਸਕਦੇ ਹਨ | ਇਹ ਇਨਾਮ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਹਾਇਤਾ ਜਾਂ ਜਾਣਕਾਰੀ ਨਾਲ ਗਿ੍ਫ਼ਤਾਰੀਆਂ ਵਿਚ ਮਦਦ ਮਿਲੀ ਹੋਵੇ ਜਾਂ ਉਨ੍ਹਾਂ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ ਦਿੱਤਾ ਜਾਵੇੇਗਾ ਜੋ ਐਨ. ਡੀ. ਪੀ. ਐਸ. ਐਕਟ ਅਧੀਨ ਜਾਂ ਗੈਂਗਸਟਰਾਂ ਵਿਰੁੱਧ ਅਸਾਧਾਰਨ ਕਾਰਵਾਈਆਂ ਕਰਨਗੇ |
ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ 'ਗੈਂਗਸਟਰਾਂ 'ਤੇ ਵਾਰ' ਦੀ ਸ਼ੁਰੂਆਤ <br/>
ਅਜੀਤ ਡੈਸਕ
21-01-2026