15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ-ਮੁੱਖ ਮੰਤਰੀ <br/>

ਅਜੀਤ ਡੈਸਕ 29-01-2026

ਅਜੀਤਵਾਲ (ਮੋਗਾ) 28 ਜਨਵਰੀ (ਹਰਦੇਵ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਿਚ ਬਦਲਿਆ ਜਾਵੇਗਾ, ਜਿਸ ਵਿਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ | 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਇਕ ਸਾਲ ਦੇ ਅੰਦਰ ਜ਼ਮੀਨੀ ਪੱਧਰ 'ਤੇ ਕੰਮ ਕੀਤੇ ਗਏ ਹਨ | ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਲਾਲਾ ਲਾਜਪਤ ਰਾਏ ਦੇ ਅਗਲੇ ਜਨਮ ਦਿਵਸ 'ਤੇ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ 'ਤੇ ਵਾਪਸ ਆਉਣਗੇ | ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖ ਕੇ ਲੋਕਾਂ ਨਾਲ ਆਪਣੀ ਸਾਂਝ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਅੱਜ ਇਥੇ ਪਿੰਡ ਵਾਸੀਆਂ ਨਾਲ ਮਿਲ ਕੇ ਪੇਂਡੂ ਖੇਡ ਮੇਲੇ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿਚ ਕਰਵਾਏ ਕਬੱਡੀ ਅਤੇ ਹਾਕੀ ਟੂਰਨਾਮੈਂਟ ਦਾ ਅਨੰਦ ਮਾਣਿਆ | ਮੁੱਖ ਮੰਤਰੀ ਨੇ ਨੌਜਵਾਨਾਂ ਨਾਲ ਸੈਲਫ਼ੀ ਲੈਂਦੇ ਹੋਏ ਅਤੇ ਬਜ਼ੁਰਗਾਂ ਤੋਂ ਅਸ਼ੀਰਵਾਦ ਲੈਂਦੇ ਹੋਏ ਕਿਹਾ ਕਿ ਮੈਂ ਇਕ ਆਮ ਵਿਅਕਤੀ ਹਾਂ ਅਤੇ ਆਪਣੇ ਭਰਾਵਾਂ ਤੇ ਬਜ਼ੁਰਗਾਂ ਨਾਲ ਇਸ ਪੇਂਡੂ ਖੇਡ ਮੇਲੇ ਨੂੰ ਦੇਖਣ ਲਈ ਆਇਆ ਹਾਂ, ਜੋ ਸਾਡੀ ਰੂਹ ਦਾ ਹਿੱਸਾ ਹੈ ਅਤੇ ਮੈਨੂੰ ਆਪਣੇ ਲੋਕਾਂ ਨਾਲ ਮਿਲ ਕੇ ਬਹੁਤ ਖੁਸ਼ੀ ਮਿਲਦੀ ਹੈ | ਇਸ ਮੌਕੇ ਇਕੱਠ ਨੇ ਜ਼ੋਰਦਾਰ ਤਾੜੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ | ਰਵਾਇਤੀ ਲੋਕ ਸੰਗੀਤ ਅਤੇ ਜਸ਼ਨਾਂ ਦਰਮਿਆਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਦੇਸੀ ਖੇਡਾਂ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਬੱਡੀ, ਬੈਲ ਗੱਡੀਆਂ ਦੀ ਦੌੜ ਅਤੇ ਹੋਰ ਰਵਾਇਤੀ ਖੇਡਾਂ ਸਿਰਫ਼ ਖੇਡਾਂ ਹੀ ਨਹੀਂ ਹਨ ਸਗੋਂ ਸਾਡੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ | ਭਗਵੰਤ ਮਾਨ ਨੇ ਕਿਹਾ ਕਿ ਇਹ ਖੇਡਾਂ ਪੰਜਾਬੀਆਂ ਦੀ ਭਾਵਨਾ, ਤਾਕਤ ਅਤੇ ਏਕਤਾ ਨੂੰ ਦਰਸਾਉਂਦੀਆਂ ਹਨ ਅਤੇ ਪੀੜ੍ਹੀ ਦਰ ਪੀੜ੍ਹੀ ਅੱਗੇ ਵਧਦੀਆਂ ਆਈਆਂ ਹਨ | ਉਨ੍ਹਾਂ ਨੇ ਲੋਕਾਂ ਨੂੰ ਕਿਲ੍ਹਾ ਰਾਏਪੁਰ ਵਿਖੇ ਹੋਣ ਵਾਲੇ ਵੱਕਾਰੀ ਮਿੰਨੀ ਉਲੰਪਿਕ 'ਚ ਹਿੱਸਾ ਲੈਣ ਲਈ ਸੱਦਾ ਦਿੰਦਿਆਂ ਕਿਹਾ ਕਿ ਇਹ ਖੇਡਾਂ 31 ਜਨਵਰੀ ਤੋਂ ਸ਼ੁਰੂ ਹੋਣਗੀਆਂ |
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਡੇ ਸਿਹਤ ਸੁਧਾਰ ਪ੍ਰੋਗਰਾਮ ਵਜੋਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ 'ਚ ਲਾਗੂ ਕੀਤਾ ਜਾ ਰਿਹਾ ਹੈ, ਇਸ ਯੋਜਨਾ ਤਹਿਤ ਹਰ ਪੰਜਾਬੀ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ | ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿਚ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਦਵਿੰਦਰਜੀਤ ਸਿੰਘ ਲਾਡੀ ਢੋਸ, ਅੰਮਿ੍ਤਪਾਲ ਸਿੰਘ ਸੁਖਾਨੰਦ, ਅਮਨਦੀਪ ਕੌਰ ਤੇ ਹੋਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਚੰਡੀਗੜ੍ਹ ਦੇ 30 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ <br/> ਅਗਲੀ ਖ਼ਬਰ ਯੂਰਪੀ ਸੰਘ ਨਾਲ ਵਪਾਰ ਸਮਝੌਤੇ 'ਚ ਭਾਰਤ ਸਿਖ਼ਰ 'ਤੇ ਰਿਹਾ-ਟਰੰਪ ਪ੍ਰਸ਼ਾਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।